ਫਸਲ ਘੱਟ ਹੋਣ 'ਤੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਜ਼ਿਲ੍ਹੇ ਦੇ ਪਿੰਡ ਕੋਕਰੀ ਕਲਾਂ ਨਿਵਾਸੀ ਗੁਰਿੰਦਰ ਸਿੰਘ (30) ਵੱਲੋਂ ਕਣਕ ਦੀ ਫਸਲ ਦਾ ਘੱਟ ਝਾੜ ਹੋਣ 'ਤੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧ ਵਿਚ ਥਾਣਾ ਅਜੀਤਵਾਲ ਦੇ ਥਾਣੇਦਾਰ ਦੇਸ ਰਾਜ ਵੱਲੋਂ ਮ੍ਰਿਤਕ ਦੇ ਪਿਤਾ ਬਲਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਦੇ ਬਿਆਨਾਂ ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਬਲਜੀਤ ਸਿੰਘ ਨੇ ਕਿਹਾ ਕਿ ਉਸ ਦਾ ਬੇਟਾ ਗੁਰਿੰਦਰ ਸਿੰਘ ਕਣਕ ਦੀ ਫਸਲ ਦਾ ਝਾੜ ਘੱਟ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ, ਜਿਸ ਨੂੰ ਅਸੀਂ ਬਹੁਤ ਸਮਝਾਉਣ ਦਾ ਯਤਨ ਕੀਤਾ, ਪਰ ਉਸ ਨੇ ਖੇਤ ਵਿੱਚ ਜਾ ਕੇ ਮੋਟਰ 'ਤੇ ਪਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ, ਜਿਸ ਨੂੰ ਅਸੀਂ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡੀ ਐੱਮ ਸੀ ਲੁਧਿਆਣਾ ਰੈਫਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਾਲਤ ਗੰਭੀਰ ਹੋਣ ਉਪਰੰਤ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਗੁਰਿੰਦਰ ਸਿੰਘ ਦੀ ਲਾਸ਼ ਨੂੰ ਪੋਸਟ-ਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।