ਬਾਦਲ ਨੂੰ ਦਿੱਤਾ ਫਖਰ-ਏ-ਕੌਮ ਐਵਾਰਡ ਵਾਪਸ ਨਹੀਂ ਹੋ ਸਕਦਾ : ਗਿਆਨੀ ਗੁਰਬਚਨ ਸਿੰਘ

ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਸ੍ਰੀ ਅਕਾਲ ਤਖਤ ਸਾਹਿਬ ਤੋਂ ਫਖਰ-ਏ-ਕੌਮ ਐਵਾਰਡ ਕੁਝ ਜਥੇਬੰਦੀਆਂ ਵੱਲੋਂ ਵਾਪਸ ਲੈਣ ਦੀ ਕੀਤੀ ਮੰਗ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਸ੍ਰ. ਬਾਦਲ ਨੂੰ ਇਹ ਐਵਾਰਡ ਇਕੱਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਹੀਂ, ਸਗੋਂ ਪੰਜੇ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸਰਬ-ਸੰਮਤੀ ਨਾਲ ਗੁਰਮਤਾ ਕਰਕੇ ਦਿੱਤਾ ਗਿਆ ਹੈ। ਇਸ ਲਈ ਇਸ ਉਪਰ ਕੋਈ ਕਿੰਤੂ-ਪ੍ਰੰਤੂ ਨਹੀਂ ਕੀਤਾ ਜਾ ਸਕਦਾ।
ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਪਹਿਲਾਂ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹਨ ਅਤੇ ਇਸ ਸੰਬੰਧੀ ਕਾਨੂੰਨੀ ਚਾਰਾਜੋਈ ਕਰਨ ਦੇ ਹਰ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ। ਜੇਕਰ ਫਿਰ ਵੀ ਪੰਥਕ ਜਥੇਬੰਦੀਆਂ ਕੋਲ ਕੋਈ ਉੱਚ ਮੁਤਰਬੇ ਵਾਲਾ ਵਕੀਲ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਤੁਰੰਤ ਜਾਣਕਾਰੀ ਦੇਣ ਦੀ ਕ੍ਰਿਪਾਲਤਾ ਕਰਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਚੋਟੀ ਦਾ ਵਕੀਲ ਲੈ ਕੇ ਇਸ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਬੰਦੀ ਸਿੰਘਾਂ ਨਾਲ ਬੇਇਨਸਾਫੀ ਹੈ ਤੇ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੋਵੇ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਬੰਦੀ ਸਿੰਘਾਂ ਦੀ ਰਿਹਾਈ ਲਈ ਕਨੂੰਨੀ ਦਾਇਰੇ ਵਿੱਚ ਰਹਿ ਕੇ ਹਰ ਪ੍ਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ।