ਪੰਜਾਬੀ ਕਿਸਾਨਾਂ ਦੇ ਸਾਰੇ ਦੁੱਖੜਿਆਂ ਲਈ ਕਾਂਗਰਸ ਦੋਸ਼ੀ : ਬਾਦਲ

ਨਰਮੇ ਦੀ ਫਸਲ ਉੱਤੇ ਚਿੱਟੀ ਮੱਖੀ ਦੇ ਹਮਲੇ ਦੇ ਸੰਬੰਧ 'ਚ ਕਾਂਗਰਸ ਪਾਰਟੀ ਵੱਲੋਂ ਗੁੰਮਰਾਹਕੁਨ ਪ੍ਰਚਾਰ ਕਰਨ ਨੂੰ ਆੜੇ ਹੱਥੀਂ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਸ ਨਾਜ਼ੁਕ ਮੁੱਦੇ ਉਤੇ ਕਾਂਗਰਸੀ ਆਗੂਆਂ ਨੂੰ ਮਗਰਮੱਛ ਦੇ ਹੰਝੂ ਬਹਾਉਣ ਤੋਂ ਗੁਰੇਜ਼ ਕਰਨ ਲਈ ਆਖਿਆ ਹੈ।
ਨਰਮੇ ਦੀ ਫਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਸੂਬਾ ਸਰਕਾਰ ਨਰਮੇ ਦੀ ਫਸਲ ਦੀ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਵੇਗੀ। ਇਹ ਗਿਰਦਾਵਰੀ 7 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਦਾ ਸਮੁੱਚਾ ਕੰਮ 18 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਇਸ ਸੰਕਟ ਦੀ ਘੜੀ ਕਿਸਾਨੀ ਦੇ ਪਿੱਛੇ ਪੂਰੀ ਤਰ੍ਹਾਂ ਚੱਟਾਨ ਵਾਂਗ ਖੜੀ ਹੈ ਅਤੇ ਕਿਸਾਨੀ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਆਪਣੇ ਸੌੜੇ ਸਿਆਸੀ ਹਿੱਤਾਂ ਦੇ ਵਾਸਤੇ ਇਸ ਮੁੱਦੇ ਨੂੰ ਤੂਲ ਦੇਣ ਲਈ ਕਾਂਗਰਸ ਪਾਰਟੀ ਦੀ ਤਿੱਖੀ ਅਲੋਚਨਾ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸੀਆਂ ਕੋਲ ਸਰਕਾਰ ਵਿਰੁੱਧ ਕੋਈ ਢੁੱਕਵਾਂ ਮੁੱਦਾ ਨਹੀਂ ਹੈ ਅਤੇ ਇਹ ਹੁਣ ਸਿਆਸੀ ਲਾਹਾ ਲੈਣ ਲਈ ਘਟੀਆ ਹੱਥਕੰਢੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਕਾਂਗਰਸ ਦੇ ਭੁਚਲਾਵੇ ਵਿਚ ਨਹੀਂ ਆਉਣਗੇ, ਕਿਉਂਕਿ ਉਹ ਕਾਂਗਰਸ ਦੇ ਕਿਸਾਨ ਵਿਰੋਧੀ ਚਰਿੱਤਰ ਤੋਂ ਭਲੀ-ਭਾਂਤ ਜਾਣੂ ਹਨ। ਕਿਸਾਨਾਂ ਦੀਆਂ ਸਮੱਸਿਆਵਾਂ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਦੱਸਦੇ ਹੋਏ ਸ. ਬਾਦਲ ਨੇ ਕਿਹਾ ਕਿ ਸੈਂਟਰ ਵਿਚ ਲਗਾਤਾਰ ਕਾਂਗਰਸ ਦੀਆਂ ਬਣਨ ਵਾਲੀਆਂ ਸਰਕਾਰਾਂ ਵੱਲੋਂ ਅਪਣਾਈਆਂ ਗਈਆਂ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਇਸ ਵੇਲੇ ਸੂਬੇ ਦੇ ਕਿਸਾਨ 32,000 ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਹੋਏ ਹਨ।
ਪੰਜਾਬ ਦਾ ਭੋਂ-ਪ੍ਰਾਪਤੀ ਕਾਨੂੰਨ ਵਧੀਆ, ਪਾਰਦਰਸ਼ੀ ਅਤੇ ਜ਼ਮੀਨ ਨਾਲ ਸੰਬੰਧਤ ਸਾਰੀਆਂ ਧਿਰਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਵਾਲਾ ਹੋਣ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸੂਬੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਤਿੱਖੇ ਵਿਰੋਧ ਤੋਂ ਬਾਅਦ ਭਾਰਤ ਸਰਕਾਰ ਹੁਣ ਭੋਂ-ਪ੍ਰਾਪਤੀ ਸੰਬੰਧੀ ਪੰਜਾਬ ਦੇ ਮਾਡਲ ਨੂੰ ਲਾਗੂ ਕਰਨ ਲਈ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਤਾ ਵਿਚ ਹੁੰਦੇ ਹੋਏ ਕੁਰਸੀਆਂ ਦਾ ਆਨੰਦ ਮਾਣਦੇ ਰਹੇ ਹਨ ਅਤੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਭੋਰਾ ਧਿਆਨ ਨਹੀਂ ਦਿੱਤਾ। ਇਸ ਦੇ ਉਲਟ ਕਾਂਗਰਸ ਆਗੂਆਂ ਨੇ ਹਮੇਸ਼ਾ ਹੀ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।
ਗੰਨੇ ਦੇ ਸੰਕਟ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੰਡ ਮਿਲਾਂ ਨੂੰ 540 ਕਰੋੜ ਰੁਪਏ ਦਾ ਬਕਾਇਆ ਸੂਬਾ ਸਰਕਾਰ ਵੱਲੋਂ ਭੁਗਤਾਨ ਕਰਨ ਤੋਂ ਬਾਅਦ ਇਸ ਪਾਸੇ ਵੱਲ ਪਹਿਲਾਂ ਹੀ ਹਾਂ ਪੱਖੀ ਅਤੇ ਉਸਾਰੂ ਕਦਮ ਪੁੱਟੇ ਜਾ ਚੁੱਕੇ ਹਨ। ਸਰਕਾਰ ਨੇ ਗੰਨਾ ਉਤਪਾਦਕਾਂ ਨਾਲ ਕੀਤੇ ਵਾਅਦੇ ਨੂੰ ਇੰਨ-ਬਿੰਨ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਹਿੰਦੇ ਕੁਝ ਮੁੱਦੇ ਛੇਤੀ ਹੀ ਗੱਲਬਾਤ ਨਾਲ ਹੱਲ ਕਰ ਲਏ ਜਾਣਗੇ।