ਲਖਨਊ ਹਾਈ ਕੋਰਟ ਵੱਲੋਂ ਪ੍ਰਾਇਮਰੀ ਸਕੂਲਾਂ 'ਚ ਸਿੱਖਿਆ ਮਿੱਤਰਾਂ ਦੀ ਨਿਯੁਕਤੀ ਰੱਦ

ਉੱਤਰ ਪ੍ਰਦੇਸ਼ ਦੇ ਪ੍ਰਾਇਮਰੀ ਸਕੂਲਾਂ 'ਚ ਤਾਇਨਾਤ 1 ਲੱਖ 75 ਹਜ਼ਾਰ ਸਿੱਖਿਆ ਮਿੱਤਰਾਂ ਦੀ ਨਿਯੁਕਤੀ ਇਲਾਹਾਬਾਦ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਬਾਰੇ ਹੁਕਮ ਅੱਜ ਚੀਫ਼ ਜਸਟਿਸ ਡੀ ਵਾਈ ਚੰਦਰ ਚੂੜ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਵੱਲੋਂ ਜਾਰੀ ਕੀਤਾ ਗਿਆ।
ਇਸ ਬੈਂਚ 'ਚ ਚੀਫ਼ ਜਸਟਿਸ ਤੋਂ ਇਲਾਵਾ ਜਸਟਿਸ ਦਿਲੀਪ ਗੁਪਤਾ ਅਤੇ ਜਸਟਿਸ ਯਸ਼ਵੰਤ ਵਰਮਾ ਸ਼ਾਮਲ ਸਨ। ਅਦਾਲਤ ਨੇ ਕਿਹਾ ਕਿ ਕਿਉਂਕਿ ਇਹ ਸਿੱਖਿਆ ਮਿੱਤਰ ਟੀ ਈ ਟੀ ਪਾਸ ਨਹੀਂ ਹਨ, ਇਸ ਲਈ ਉਨ੍ਹਾ ਦੀ ਸਹਾਇਕ ਅਧਿਆਪਕ ਦੇ ਅਹੁਦੇ 'ਤੇ ਨਿਯੁਕਤੀ ਨਹੀਂ ਕੀਤੀ ਜਾ ਸਕਦੀ।
ਨਿਯੁਕਤੀ ਦੇ ਵਿਰੋਧ 'ਚ ਵਕੀਲਾਂ ਨੇ ਦਲੀਲ ਦਿੰਦਿਆਂ ਕਿਹਾ ਕਿ ਉਨ੍ਹਾ ਦੀ ਨਿਯੁਕਤੀ ਗ਼ੈਰ ਕਾਨੂੰਨੀ ਤਰੀਕੇ ਨਾਲ ਕੀਤੀ ਗਈ ਸੀ, ਜਦਕਿ ਉਨ੍ਹਾ ਦੇ ਵਕੀਲਾਂ ਨੇ ਕਿਹਾ ਕਿ ਸਰਕਾਰ ਨੇ ਬਕਾਇਦਾ ਨਿਯਮ ਬਣਾ ਕੇ ਉਨ੍ਹਾ ਦੀ ਨਿਯੁਕਤੀ ਬਾਰੇ ਫ਼ੈਸਲਾ ਕੀਤਾ, ਇਸ ਲਈ ਉਨ੍ਹਾ ਦੀ ਨਿਯੁਕਤੀ 'ਚ ਕੋਈ ਕਾਨੂੰਨੀ ਰੁਕਾਵਟ ਨਹੀਂ। ਉਨ੍ਹਾ ਦਲੀਲ ਦਿੱਤੀ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ 'ਚ ਅਧਿਆਪਕਾਂ ਦੀ ਭਾਰੀ ਘਾਟ ਦੇ ਮੱਦੇਨਜ਼ਰ ਸਿੱਖਿਆ ਮਿੱਤਰਾਂ ਦੀ ਨਿਯੁਕਤੀ ਬਾਰੇ ਫ਼ੈਸਲਾ ਕੀਤਾ ਗਿਆ ਸੀ।