ਅੱਠ ਕਿਸਾਨ ਤੇ ਚਾਰ ਮਜ਼ਦੂਰ ਜਥੇਬੰਦੀਆਂ ਵੱਲੋਂ ਪੱਕਾ ਮੋਰਚਾ ਮੁਲਤਵੀ

ਬਾਸਮਤੀ 1121 ਦੀ ਨਿੱਜੀ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਰੋਕਣ, ਇਸ ਦੇ ਪੰਜ ਹਜ਼ਾਰ ਰੁਪਏ ਕੁਇੰਟਲ ਰੇਟ ਤੇ ਸਰਕਾਰੀ ਖ੍ਰੀਦ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਤੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾ ਲਾਗੂ ਕਰਵਾਉਣ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣ ਲਈ ਅੰਮ੍ਰਿਤਸਰ ਤੇ ਮੋਗਾ ਦੇ ਡੀ.ਸੀ. ਦਫਤਰਾਂ ਅੱਗੇ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਤੇ ਅੰਮ੍ਰਿਤਸਰ ਵਿਖੇ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਦੋਵਾਂ ਥਾਵਾਂ ਉਤੇ ਚੱਲ ਰਹੇ ਪੱਕੇ ਮੋਰਚਿਆਂ ਸੰਬੰਧੀ ਅਗਲਾ ਫੈਸਲਾ ਕਰਨ ਲਈ ਅੱਜ 8 ਕਿਸਾਨ ਤੇ ਚਾਰ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਮੋਗਾ ਵਿਖੇ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੀਤੇ ਫੈਸਲਿਆਂ ਦੀ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਦੱਸਿਆ ਕਿ ਮੀਟਿੰਗ ਵਿਚ ਮੋਰਚੇ ਬਾਰੇ ਸਰਥਿਕ ਚਰਚਾ ਕਰਦਿਆਂ ਬਾਦਲ ਸਰਕਾਰ ਦੀ ਸਖਤ ਨਿਖੇਧੀ ਕੀਤੀ ਗਈ ਤੇ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਅੱਜ ਸ਼ਾਮ 5 ਵਜੇ ਦੋਵਾਂ ਥਾਵਾਂ ਉਤੇ ਚੱਲ ਰਹੇ ਮੋਰਚੇ ਮੁਲਤਵੀ ਕਰ ਦਿੱਤੇ ਜਾਣਗੇ ਤੇ ਕਿਸਾਨਾਂ ਵੱਲ ਪਿੱਠ ਕਰਕੇ ਖੜ੍ਹੀ ਲੋਕਾਂ ਦਾ ਭਰੋਸਾ ਗੁਆ ਚੁੱਕੀ ਬਾਦਲ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ 18 ਨਵੰਬਰ ਨੂੰ ਮੀਟਿੰਗ ਸੱਦ ਲਈ ਗਈ ਹੈ, ਜਿਸ ਵਿਚ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ।
ਕਿਸਾਨ ਆਗੂ ਨੇ ਅੱਗੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਮੰਤਰੀਆਂ-ਵਿਧਾਇਕਾ ਤੇ ਸੰਸਦੀ ਸਕੱਤਰਾਂ ਦੇ ਪਿੰਡਾਂ ਵਿਚ ਵੜਨ 'ਤੇ ਘਿਰਾਓ ਤੇ ਵਿਰੋਧ ਪ੍ਰਦਰਸ਼ਨ ਪਹਿਲਾਂ ਦੀ ਤਰ੍ਹਾਂ ਲਗਾਤਾਰ ਜਾਰੀ ਰਹਿਣਗੇ। ਇਸ ਤੋਂ ਇਲਵਾ ਮੀਟਿੰਗ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਰੇਟ ਵਿਚ 75 ਰੁਪਏ ਦਾ ਕੀਤਾ ਗਿਆ ਵਾਧਾ ਰੱਦ ਕੀਤਾ ਤੇ ਇਸ ਨੂੰ ਕਰਜ਼ੇ ਵਿਚ ਡੁੱਬੀ ਕਿਸਾਨੀ ਦੇ ਜ਼ਖਮਾਂ ਉਤੇ ਲੂਣ ਭੁੱਕਣ ਦੇ ਬਰਾਬਰ ਦੱਸਿਆ ਤੇ ਮੰਗ ਕੀਤੀ ਕਿ ਕਣਕ ਦਾ ਰੇਟ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ਖਰਚਿਆਂ ਵਿਚ 50% ਮੁਨਾਫਾ ਜੋੜ ਕੇ ਐਲਾਨਿਆ ਜਾਵੇ।
ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੁਖਦੇਵ ਸਿੰਘ ਕੋਕਰੀ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦਾ ਸਿੰਘ ਮਾਨਸਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈਅ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਦੇ ਗੁਰਦੀਪ ਸਿੰਘ ਵੈਰੋਕੇ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਨਾਹਰ ਸਿੰਘ ਭਾਈ ਰੂਪਾ ਕਿਸਾਨ ਸੰਘਰਸ਼ ਕੇਮਟੀ ਕੰਵਲਪ੍ਰੀਤ ਸਿੰਘ ਪਨੂੰ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਅਜਨਾਲਾ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਪਨੂੰ ਆਦਿ ਹਾਜ਼ਰ ਸਨ।