ਅੱਤਵਾਦੀ ਹਮਲਿਆਂ ਦੀ ਚੁਫੇਰਿਓਂ ਨਿੰਦਾ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਸਾਰੇ ਆਗੂਆਂ ਨੇ ਪੈਰਿਸ 'ਚ ਹੋਏ ਅੱਤਵਾਦੀ ਹਮਲਿਆਂ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਮੋਦੀ ਨੇ ਕਿਹਾ ਕਿ ਭਾਰਤ ਅਤੇ ਇਸ ਦੇ ਨਾਗਰਿਕ ਇਸ ਔਖੀ ਘੜੀ ਸਮੇਂ ਫ਼ਰਾਂਸ ਅਤੇ ਇਸ ਦੇ ਨਾਗਰਿਕਾਂ ਨਾਲ ਖੜੇ ਹਨ। ਉਨ੍ਹਾ ਕਿਹਾ ਕਿ ਅੱਤਵਾਦੀਆਂ ਦੇ ਇਸ ਕਾਇਰਤਾਪੂਰਨ ਕਾਰੇ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ, ਓਨੀ ਹੀ ਥੋੜ੍ਹੀ ਹੈ। ਮੋਦੀ ਨੇ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ ਲਈ ਵਿਸ਼ਵ ਭਾਈਚਾਰੇ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਖੱਬੀਆਂ ਪਾਰਟੀਆਂ ਨੇ ਵੀ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਸੀ ਪੀ ਐੱਮ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਕਿਹਾ ਕਿ ਪਹਿਲਾਂ ਬਗਦਾਦ, ਬੇਰੂਤ ਅਤੇ ਹੁਣ ਪੈਰਿਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਨਿਰਦੋਸ਼ ਲੋਕ ਮਾਰੇ ਗਏ ਹਨ ਅਤੇ ਸੀ ਪੀ ਐੱਮ ਇਸ ਦੀ ਸਖ਼ਤ ਨਿੰਦਾ ਕਰਦੀ ਹੈ। ਸੀ ਪੀ ਐੱਮ (ਮ ਲ) ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ ਨੇ ਅੱਤਵਾਦੀ ਹਮਲਿਆਂ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾ ਫ਼ਰਾਂਸ ਦੇ ਲੋਕਾਂ ਨਾਲ ਇਕਮੁੱਠਤਾ ਪ੍ਰਗਟ ਕੀਤੀ ਹੈ। ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪੈਰਿਸ 'ਚ ਹੋਏ ਅੱਤਵਾਦੀ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਅੱਤਵਾਦ ਕਦੇ ਵੀ ਆਜ਼ਾਦੀ ਨੂੰ ਨਹੀਂ ਹਰਾ ਸਕਦੇ। ਉਨ੍ਹਾ ਕਿਹਾ ਕਿ ਇਸ ਸੰਕਟ ਦੀ ਘੜੀ ਉਨ੍ਹਾ ਦੀ ਪ੍ਰਾਰਥਨਾ ਫ਼ਰਾਂਸ ਦੇ ਲੋਕਾਂ ਦੇ ਨਾਲ ਹੈ। ਉਨ੍ਹਾ ਕਿਹਾ ਕਿ ਵਿਵੇਕਹੀਨ ਹਿੰਸਾ ਵਿਰੁੱਧ ਲੜਾਈ ਲੜਣ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ। ਕੇਂਦਰੀ ਗ੍ਰਹਿ ਰਾਜਨਾਥ ਸਿੰਘ ਨੇ ਅੱਤਵਾਦੀ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਦੀ ਜਨਤਾ ਇਸ ਦੁੱਖ ਦੀ ਘੜੀ ਫ਼ਰਾਂਸ ਦੀ ਜਨਤਾ ਨਾਲ ਦ੍ਰਿੜ੍ਹਤਾ ਨਾਲ ਖੜੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਨ।