'84 ਦੇ ਕਤਲੇਆਮ ਲਈ ਸਿੱਖ ਕੌਮ ਕਦੇ ਵੀ ਕਾਂਗਰਸ ਨੂੰ ਮੁਆਫ ਨਹੀਂ ਕਰੇਗੀ : ਬਾਦਲ

ਚੋਹਲਾ ਸਾਹਿਬ (ਤਰਨ ਤਾਰਨ) (ਸ਼ਰਨਪਾਲ ਸਿੰਘ ਚੌਹਾਨ, ਰਮਨ ਚੱਢਾ)
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖਮ ਸਿੱਖਾਂ ਦੇ ਦਿਲਾਂ 'ਤੇ ਹਮੇਸ਼ਾ ਹਰੇ ਰਹਿਣਗੇ ਤੇ ਸਿੱਖ ਭਾਈਚਾਰਾ ਕਾਂਗਰਸ ਨੂੰ ਕਦੇ ਵੀ ਇਸ ਪਾਪ ਲਈ ਨਹੀਂ ਬਖਸ਼ੇਗਾ। ਇੱਥੇ ਪੁਲਸ ਸਟੇਸ਼ਨ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜੱਗ ਜ਼ਾਹਰ ਹੈ ਕਿ 1984 ਦਾ ਸਿੱਖ ਕਤਲੇਆਮ ਕਾਂਗਰਸ ਦੀ ਇਕ ਸਾਜ਼ਿਸ਼ ਸੀ, ਜਿਸ ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਸਿੱਖ ਭਾਈਚਾਰਾ ਕਾਂਗਰਸ ਨੂੰ ਕਦੇ ਵੀ ਇਸ ਪਾਪ ਲਈ ਨਹੀਂ ਬਖਸ਼ੇਗਾ। ਇਸ ਕਤਲੇਆਮ ਦੀ ਸਾਜ਼ਿਸ਼ ਰਚਨ ਤੋਂ ਇਲਾਵਾ ਕਾਂਗਰਸ ਨੇ ਇਸਦੇ ਮੁੱਖ ਦੋਸ਼ੀਆਂ ਦਾ ਬਚਾਅ ਕਰਕੇ ਅਤੇ ਉਨ੍ਹਾਂ ਨੂੰ ਸਨਮਾਨਿਤ ਅਹੁਦੇ ਦੇ ਕੇ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਮਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਕੋਲ ਵਾਰ-ਵਾਰ ਇਹ ਮਸਲਾ ਚੁੱਕ ਕੇ ਇਸ ਕਤਲੇਆਮ ਦੇ ਪੀੜਤ ਵਿਅਕਤੀਆਂ ਲਈ ਇਨਸਾਫ ਦੀ ਮੰਗ ਕੀਤੀ ਹੈ ਅਤੇ ਇਹ ਜਾਰੀ ਰਹੇਗੀ ਜਦੋਂ ਤੱਕ ਉਸ ਕਤਲੇਆਮ ਦੇ ਪੀੜਤ ਹਰ ਇਕ ਵਿਅਕਤੀ ਨੂੰ ਇਨਸਾਫ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿਚ ਲਿਆਂਦਾ ਹੈ, ਜਿਨ੍ਹਾਂ ਨੇ ਸਿੱਖਾਂ ਨੂੰ ਇਨਸਾਫ ਦੇਣ ਦਾ ਪੂਰਾ ਭਰੋਸਾ ਦਿੱਤਾ ਹੈ। ਵਿਰੋਧੀ ਧਿਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਦਰਜ ਕੀਤੇ ਜਾ ਰਹੇ ਪੁਲਸ ਕੇਸਾਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਸ਼ ਬਿਲਕੁਲ ਹੀ ਬੇਬੁਨਿਆਦ ਹਨ। ਜੇ ਕਿਸੇ ਵੀ ਵਿਅਕਤੀ ਨੂੰ ਇਸ ਸੰਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਕ ਸਾਬਕਾ ਪੁਲਸ ਕਰਮਚਾਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਲਗਾਏ ਗਏ ਦੋਸ਼ਾਂ ਦੀ ਘੋਖ ਕਰ ਰਹੀ ਹੈ, ਪਰ ਉਨ੍ਹਾਂ ਕਿਹਾ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਦੀ ਖੁਦ ਦੀ ਕੋਈ ਭਰੋਸੇਯੋਗਤਾ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਅਮਨ ਅਤੇ ਕਾਨੂੰਨ ਬਰਕਰਾਰ ਰੱਖਣ ਲਈ ਪੁਲਸ ਥਾਣਿਆਂ ਅਤੇ ਪੁਲਸ ਦੇ ਆਧੁਨਿਕੀਰਨ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਚੋਹਲਾ ਸਾਹਿਬ ਵਿਖੇ 1.56 ਕਰੋੜ ਰੁਪਏ ਖਰਚ ਕਰਕੇ ਪੁਲਸ ਸਟੇਸ਼ਨ ਦੀ ਨਵੀਂ ਇਮਾਰਤ ਉਸਾਰੀ ਜਾਵੇਗੀ ਅਤੇ ਇਸੇ ਤਰ੍ਹਾਂ ਤਰਨ ਤਾਰਨ ਵਿਖੇ ਵੀ 2 ਕਰੋੜ ਰੁਪਏ ਖਰਚ ਕਰਕੇ ਥਾਣੇ ਦੀ ਨਵੀਂ ਇਮਾਰਤ ਉਸਾਰੀ ਜਾਵੇਗੀ। ਇਸ ਤੋਂ ਪਹਿਲਾਂ ਪਿੰਡ ਤੁੜ, ਖਾਨ ਛਾਪੜੀ ਅਤੇ ਕਾਹਲਵਾਂ ਵਿਖੇ ਸੰਗਤ ਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਸਦਭਾਵਨਾ ਰੈਲੀਆਂ ਨੂੰ ਮਿਲੇ ਭਰਪੂਰ ਜਨਤਕ ਹੁੰਗਾਰੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਕੇਵਲ ਤੇ ਕੇਵਲ ਅਮਨ ਕਾਨੂੰਨ ਨੂੰ ਹੀ ਪਹਿਲ ਦਿੰਦੀ ਹੈ ਅਤੇ ਇੱਥੇ ਫੁੱਟ ਪਾਊ ਅਨਸਰਾਂ ਨੂੰ ਕੋਈ ਵੀ ਪਸੰਦ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਦਾ ਇਕੋ-ਇਕ ਮੰਤਵ ਪੰਜਾਬ ਵਿਚ ਅਮਨ, ਕਾਨੂੰਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਦੇ ਮਾੜੇ ਸਮੇਂ ਦੌਰਾਨ 21000 ਤੋਂ ਵੱਧ ਨਿਰਦੋਸ਼ ਲੋਕਾਂ ਨੇ ਆਪਣੀ ਜਾਨ ਗੁਆਈ ਸੀ ਅਤੇ ਪੰਜਾਬ ਵਿਕਾਸ ਦੇ ਪੱਖੋਂ ਕਈ ਸਾਲ ਪਿੱਛੇ ਚਲਾ ਗਿਆ ਸੀ, ਪਰ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੀ ਕਿਸੇ ਵੀ ਸਥਿਤੀ ਨੂੰ ਮੁੜ ਨਹੀਂ ਆਉਣ ਦੇਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਸ੍ਰੀ ਕੇ.ਜੀ.ਐੱਸ. ਚੀਮਾ, ਸ੍ਰੀ ਲੋਕ ਨਾਥ ਆਂਗਰਾ ਆਈ.ਜੀ., ਕੁੰਵਰ ਵਿਜੈ ਪ੍ਰਤਾਪ ਸਿੰਘ ਡੀ.ਆਈ.ਜੀ., ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਰਣਬੀਰ ਸਿੰਘ ਮੁੱਧਲ ਏ.ਡੀ.ਸੀ. ਵਿਕਾਸ ਹਾਜ਼ਰ ਸਨ।