ਜੇਤਲੀ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੇ : ਕੇਜਰੀਵਾਲ

ਡੀ ਡੀ ਸੀ ਏ ਘੁਟਾਲੇ ਦੇ ਦੋਸ਼ ਮਗਰੋਂ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਮਾਣਹਾਨੀ ਦਾ ਕੇਸ ਕੀਤੇ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਜੇਤਲੀ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰਨ, ਸਗੋਂ ਜਾਂਚ ਵਿੱਚ ਸਹਿਯੋਗ ਦੇਣ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਜੇਤਲੀ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰਨ, ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜੰਗ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨੇ ਅੱਜ ਮੁੱਖ ਮੰਤਰੀ ਕੇਜਰੀਵਾਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਕੁਮਾਰ ਵਿਸ਼ਵਾਸ, ਰਾਘਵ ਚੱਢਾ, ਸੰਜੇ ਸਿੰਘ ਅਤੇ ਦੀਪਕ ਵਾਜਪਾਈ ਵਿਰੁੱਧ ਸਿਵਲ ਅਤੇ ਆਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ ਅਤੇ ਪਟਿਆਲਾ ਹਾਊਸ ਅਦਾਲਤ ਵਿੱਚ ਸਾਰੇ 6 ਲੋਕਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 500 ਤਹਿਤ ਮੁਕੱਦਮਾ ਚਲਾਉਣ ਲਈ ਅਰਜ਼ੀ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਵੀ ਅਰੁਣ ਜੇਤਲੀ ਵਿਰੁੱਧ ਐੱਫ ਆਈ ਆਰ ਦਰਜ ਕਰਾਉਣ ਦੀ ਗੱਲ ਆਖੀ ਹੈ। ਇੱਕ ਹੋਰ ਟਵੀਟ 'ਚ ਕੇਜਰੀਵਾਲ ਨੇ ਕਿਹਾ ਕਿ ਜੇਤਲੀ ਜੀ ਜਾਂਚ ਕਮਿਸ਼ਨ ਨਾਲ ਸਹਿਯੋਗ ਕਰੋ ਅਤੇ ਉਥੇ ਖੁਦ ਬੇਗੁਨਾਹ ਸਾਬਤ ਕਰੋ।