ਜਲੰਧਰ : ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ ’ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, ‘ਜਲੰਧਰ ਵਾਸੀਆਂ ਨੇ ਈ ਵੀ ਐੱਮ ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖਿਲਾਫ ਜ਼ਹਿਰ ਉਗਲ ਰਹੇ ਸਨ।’
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁੁੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਹਨਾ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਮੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ, ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਇਸ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ਉਤੇ ਪਹੁੰਚਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਸ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਵੀ ਢੁਕਵਾਂ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਸੂਬਾ ਸਰਕਾਰ ਦੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਜਲੰਧਰ ਤੋਂ ਨਵੇਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਸਹੁੰ ਚੁੱਕਣਾ ਅਜੇ ਬਾਕੀ ਹੈ, ਪਰ ਸੜਕ ਦਾ ਕੰਮ ਸ਼ੁਰੂ ਵੀ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਦਾ ਨਿਰਮਾਣ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਲਈ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।