ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਰੋਡਵੇਜ਼ ’ਚ ਸ਼ਾਮਲ ਕਰਨ ਦਾ ਫੈਸਲਾ
ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ’ਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ’ਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ। ਕੈਬਨਿਟ ਸਬ ਕਮੇਟੀ, ਜਿਸ ’ਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਹਨ, ਨੇ ਵੀਰਵਾਰ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ’ਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ ’ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉੱਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸੰਬੰਧੀ ਜਲਦੀ ਕੋਈ ਫੈਸਲਾ ਲਿਆ ਜਾਵੇਗਾ। ਮੀਟਿੰਗ ’ਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।




