13.8 C
Jalandhar
Monday, December 23, 2024
spot_img

31 ਤੱਕ ਸਰਕਾਰੀ ਜ਼ਮੀਨਾਂ ‘ਤੇ ਕਬਜ਼ੇ ਨਾ ਛੱਡੇ ਤਾਂ ਪਹਿਲੀ ਤੋਂ ਸਖਤ ਕਾਰਵਾਈ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰਾਂ ਨੂੰ ਆਖਰੀ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ਸਰਕਾਰੀ ਜ਼ਮੀਨਾਂ ਤੋਂ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡ ਦੇਣ ਨਹੀਂ ਤਾਂ ਪਹਿਲੀ ਜੂਨ ਤੋਂ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ | ਮਾਨ ਨੇ ਟਵੀਟ ਕਰਦਿਆਂ ਕਿਹਾ, ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ‘ਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ, ਕਿਉਂਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ | ਉਨ੍ਹਾ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਰਸੂਖਵਾਨਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜੋ ਸਰਾਸਰ ਧੱਕਾ ਸੀ | ਭਗਵੰਤ ਮਾਨ ਨੇ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਨੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਂ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ | ਉਨ੍ਹਾ ਕਿਹਾ ਕਿ ਇਹ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਹੇਗਾ ਅਤੇ ਨਾਜਾਇਜ਼ ਕਬਜ਼ਿਆਂ ਅਧੀਨ ਆਉਂਦੀ ਇਕ-ਇਕ ਇੰਚ ਸਰਕਾਰੀ ਜ਼ਮੀਨ ਨੂੰ ਹਰ ਕੀਮਤ ਉਤੇ ਖਾਲੀ ਕਰਵਾਇਆ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਬਜ਼ੇ ਹਟਾਉਣ ਲਈ ਸੂਬਾ ਸਰਕਾਰ ਪਹਿਲੀ ਜੂਨ ਤੋਂ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ | ਇਸ ਮੁਹਿੰਮ ਦੌਰਾਨ ਕਿਸੇ ਨੂੰ ਵੀ ਭਾਵੇਂ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ | ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਜ਼ਮੀਨਾਂ ਉਤੇ ਜੇ ਕੋਈ ਰਹਿ ਰਿਹਾ ਹੈ, ਉਸ ਨੂੰ ਡਰਨ ਦੀ ਲੋੜ ਨਹੀਂ, ਕਿਉਂਕਿ ਉਨ੍ਹਾਂ ਨੂੰ ਇਸ ਮੁਹਿੰਮ ਦੌਰਾਨ ਹਟਾਇਆ ਨਹੀਂ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles