ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਨੇ ਨੈਸ਼ਨਲ ਕੈਪੀਟਲ ਸਿਵਲ ਅਥਾਰਟੀ ਦੇ ਆਰਡੀਨੈਂਸ ਲਈ ਕੇਂਦਰ ਦੇ ਰਵੱਈਏ ਦੀ ਸਖਤ ਨਿਖੇਧੀ ਕੀਤੀ ਅਤੇ ਇਸ ਨੂੰ ਅਦਾਲਤ ਦਾ ਅਪਮਾਨ ਅਤੇ ਲੋਕਤੰਤਰ ਵਿਰੋਧੀ ਸਰਕਾਰ ਦੀ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਚੁਣੀ ਹੋਈ ਸਰਕਾਰ ਨੂੰ ਲੋਕਤੰਤਰ ਦੇ ਸਿਧਾਂਤਾਂ ਅਨੁਸਾਰ ਆਪਣੀ ਮਰਜ਼ੀ ਮੁਤਾਬਕ ਆਜ਼ਾਦਾਨਾ ਤੌਰ ’ਤੇ ਫੈਸਲੇ ਲੈਣ ਦੀਆਂ ਸ਼ਕਤੀਆਂ ਦਿੱਤੀਆਂ ਜਾਣ, ਪਰ ਭਾਜਪਾ ਹਮੇਸ਼ਾ ਦੀ ਤਰ੍ਹਾਂ ਹਾਰੀ ਹੋਈ ਸਾਬਤ ਹੋ ਰਹੀ ਹੈ ਅਤੇ ਇਹ ਆਰਡੀਨੈਂਸ ਦਿੱਲੀ ਦੀ ‘ਆਪ’ ਸਰਕਾਰ ਅਤੇ ਲੋਕਤੰਤਰ ਦੀ ਭਾਵਨਾ ਵਿਰੁੱਧ ਉਨ੍ਹਾਂ ਦੀ ਬਦਲਾਖੋਰੀ ਦਾ ਨਤੀਜਾ ਹੈ। ਇਨ੍ਹਾਂ ਦਾ ਇੱਕੋ-ਇੱਕ ਮਕਸਦ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹਣਾ ਹੈ।
2000 ਰੁਪਏ ਦੇ ਨੋਟ ਬੰਦ ਕਰਨ ’ਤੇ ਟਿੱਪਣੀ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਇੱਕ ਅਸਫਲ ਸਰਕਾਰ ਹੈ। 2016 ’ਚ ਉਨ੍ਹਾਂ ਕਿਹਾ ਸੀ ਕਿ 2000 ਰੁਪਏ ਦੇ ਨੋਟ ਦੀ ਸ਼ੁਰੂਆਤ ਅਤੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਨਾਲ ਕਾਲਾ ਧਨ ਵਾਪਸ ਆਵੇਗਾ, ਪਰ ਹੁਣ ਉਹ ਕਹਿ ਰਹੇ ਹਨ ਕਿ 2000 ਦੇ ਨੋਟਾਂ ਦੀ ਨੋਟਬੰਦੀ ਨਾਲ ਕਾਲੇ ਧਨ ਦਾ ਖਾਤਮਾ ਹੋ ਜਾਵੇਗਾ। ਇਹ ਸਾਰਾ ਕੁਝ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ।
ਕੰਗ ਨੇ ਕਿਹਾ ਕਿ ਭਾਜਪਾ 2024 ਦੀਆਂ ਆਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰੇਗੀ, ਕਿਉਂਕਿ ਉਹ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ ਅਤੇ ਲੋਕ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਨਾਲ ਹਨ।