18.3 C
Jalandhar
Tuesday, December 24, 2024
spot_img

ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਫੈਸਲੇ

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੇ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਦੂਜੇ ਪਾਸੇ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀਆਂ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਕੌਮ ਆਪਣੇ ਇਤਿਹਾਸ, ਰਵਾਇਤਾਂ ਅਤੇ ਪਰੰਪਰਾਵਾਂ ਦੀ ਤਰਜਮਾਨੀ ਕਰਦਿਆਂ ਇਨ੍ਹਾਂ ਸੰਘਰਸ਼ੀ ਖਿਡਾਰਣਾਂ ਦਾ ਸਮਰਥਨ ਕਰਦੀ ਹੈ। ਜਲਦ ਹੀ ਇਨ੍ਹਾਂ ਖਿਡਾਰਨਾਂ ਨੂੰ ਮਿਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਦਿੱਲੀ ਭੇਜਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕੱਤਰਤਾ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਅੰਤਿ੍ਰੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਧਾਮੀ ਨੇ ਕਿ ਸਿੱਖਾਂ ਖਿਲਾਫ ਕਈ ਸੋਸ਼ਲ ਮੀਡੀਆ ਮੰਚ ਲਗਾਤਾਰ ਝੂਠਾ ਤੇ ਨਫ਼ਰਤੀ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ’ਤੇ ਸਰਕਾਰਾਂ ਸ਼ਿਕੰਜਾ ਨਹੀਂ ਕੱਸ ਰਹੀਆਂ। ਅਜਿਹੇ ਕਈ ਖਾਤਿਆਂ ਦੀ ਪਛਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਸ ਪ੍ਰਸ਼ਾਸਨ ਪਾਸ ਸ਼ਿਕਾਇਤਾਂ ਵੀ ਭੇਜੀਆਂ ਜਾ ਚੁੱਕੀਆਂ ਹਨ। ਉਹਨਾ ਕਿਹਾ ਕਿ ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਪਾਸ ਪੇਸ਼ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿੱਚ ਲੈ ਕੇ ਜਾਵਾਂਗੇ। ਉਹਨਾ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਬੇਅਦਬੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਭੰਗ ਕਰਨ ਵਾਲੀਆਂ ਘਟਨਾਵਾਂ ’ਤੇ ਸਰਕਾਰ ਦੇ ਅਵੇਸਲੇਪਣ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾ ਕਿਹਾ ਕਿ ਇਹ ਫਿਕਰਮੰਦੀ ਦੀ ਗੱਲ ਹੈ ਕਿ ਪੰਜਾਬ ਅੰਦਰ ਧਾਰਮਕ ਜਜ਼ਬਾਤਾਂ ਨਾਲ ਖੇਡਣ ਵਾਲਿਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਇਸ ’ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਪਾਸ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਮਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ ਅਤੇ ਸਮੇਂ ਸਿਰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਘਰ ਅੰਦਰ ਪਹਿਰੇਦਾਰੀ ਯਕੀਨੀ ਬਣਾਈ ਜਾਵੇ। ਉਹਨਾ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਅਤੇ ਗੁਰਦੁਆਰਾ ਤਪੋ ਅਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ (ਅਰੁਣਾਚਲ ਪ੍ਰਦੇਸ਼) ਦੇ ਮਾਮਲਿਆਂ ਸੰਬੰਧੀ ਕਮੇਟੀਆਂ ਗਠਤ ਕੀਤੀਆਂ ਜਾ ਚੁੱਕੀਆਂ ਹਨ, ਜੋ ਜਲਦ ਹੀ ਸੰਬੰਧਤ ਸਰਕਾਰਾਂ ਨਾਲ ਗੱਲਬਾਤ ਲਈ ਜਾਣਗੀਆਂ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 26 ਲੱਖ ਦੇ ਕਰੀਬ ਪ੍ਰੋਫਾਰਮੇ ਭਰੇ ਹਨ, ਜੋ ਜਲਦ ਰਾਜਪਾਲ ਪੰਜਾਬ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ। ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਇਕੱਤਰਤਾ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤਿ੍ਰੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ ਤੇ ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ, ਓ ਐੱਸ ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਤਰਸੇਮ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਮਸਾਣੀਆਂ, ਐਕਸੀਅਨ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles