ਨਵੀਂ ਦਿੱਲੀ : ਲੋਕ ਸਭਾ ਚੋਣਾਂ ’ਚ ਭਾਜਪਾ ਦੇ ਟਾਕਰੇ ਲਈ ਵਿਰੋਧੀ ਧਿਰਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਕੀਤੀ ਜਾ ਰਹੀ ਕਵਾਇਦ ਤਹਿਤ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਤਵਾਰ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੀ ਮੌਜੂਦ ਸਨ। ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮੁਲਾਕਾਤ ਦੌਰਾਨ ਨਿਤੀਸ਼ ਨੇ ਦਿੱਲੀ ਵਿਚ ਪ੍ਰਸ਼ਾਸਨਕ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਕੇਂਦਰ ਨਾਲ ਚੱਲ ਰਹੇ ਵਿਵਾਦ ’ਚ ‘ਆਪ’ ਸਰਕਾਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਹਮਾਇਤ ਲਈ ਨਿੱਜੀ ਤੌਰ ’ਤੇ ਵਿਰੋਧੀ ਪਾਰਟੀਆਂ ਦੇ ਮੁਖੀਆਂ ਤੱਕ ਪਹੁੰਚ ਕਰਨਗੇ, ਤਾਂ ਜੋ ਕੇਂਦਰ ਵੱਲੋਂ ਆਰਡੀਨੈਂਸ ਨੂੰ ਬਦਲਣ ਲਈ ਲਿਆਂਦਾ ਗਿਆ ਕੋਈ ਵੀ ਬਿੱਲ ਰਾਜ ਸਭਾ ’ਚ ਪਾਸ ਨਾ ਹੋਵੇ। ਪਿਛਲੇ ਇਕ ਮਹੀਨੇ ’ਚ ਨਿਤੀਸ਼ ਕੁਮਾਰ ਤੇ ਕੇਜਰੀਵਾਲ ਦੀ ਇਹ ਦੂਜੀ ਮੁਲਾਕਾਤ ਹੈ। ਜੇ ਡੀ ਯੂ ਆਗੂ ਨਿਤੀਸ਼ ਕੁਮਾਰ 12 ਅਪਰੈਲ ਨੂੰ ਵੀ ਕੇਜਰੀਵਾਲ ਨੂੰ ਮਿਲੇ ਸਨ।