ਚੀਮਾ ਮੰਡੀ (ਸੰਗਰੂਰ) (ਰਵਿੰਦਰ ਚੀਮਾ)
ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲੀਆਂ ਸੂਬੇ ਦੀਆਂ ਪਿਛਲੀਆਂ ਸਰਕਾਰਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਵੇਚੀਆਂ ਸਨ, ਜਦੋਂ ਕਿ ਸਾਡੀ ਸਰਕਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਉਤੇ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ।
ਦਿੜ੍ਹਬਾ ਤੇ ਚੀਮਾ ਵਿੱਚ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ’ਤੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾ ਦਾ ਭਾਣਜਾ ਨੌਕਰੀ ਬਦਲੇ ਦੋ ਕਰੋੜ ਰੁਪਏ ਮੰਗਦਾ ਸੀ। ਇਸ ਦੇ ਉਲਟ ਸਾਡੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਹਨ। ਸੂਬੇ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜਵਾਬਦੇਹ ਬਣਾਇਆ ਜਾਵੇਗਾ।
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਲੁੱਟਣ ਵਾਲੇ ਇਨ੍ਹਾਂ ਭਿ੍ਰਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਸੂਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਗੁਰਬਾਣੀ ਪ੍ਰਸਾਰਨ ਦੇ ਮੁਫ਼ਤ ਅਧਿਕਾਰ ਦੇਣ ਦੀ ਬਜਾਏ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੇ ਆਖੇ ਉਤੇ ਚੱਲਦਿਆਂ ਸਿਰਫ਼ ਇਕ ਟੀ ਵੀ ਚੈਨਲ ਨੂੰ ਇਹ ਅਧਿਕਾਰ ਦਿੱਤਾ ਹੈ। ਜੇ ਸਰਬਸਾਂਝੀ ਬਾਣੀ ਰਾਹੀਂ ਸਰਬੱਤ ਦੇ ਭਲੇ ਦਾ ਇਲਾਹੀ ਸੰਦੇਸ਼ ਦੁਨੀਆ ਭਰ ਵਿੱਚ ਜਾਵੇਗਾ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕੀ ਇਤਰਾਜ਼ ਹੈ। ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਗੁਰਬਾਣੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣਾ ਜਾਂ ਇਕ ਖ਼ਾਸ ਚੈਨਲ ਉਤੇ ਮਿਹਰਬਾਨੀ ਕਰਨ ਵਿੱਚੋਂ ਤੁਹਾਡੇ ਲਈ ਕੀ ਜ਼ਿਆਦਾ ਅਹਿਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਲਈ ਵੋਟਾਂ ਮੰਗਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਉਨ੍ਹਾ (ਮੁੱਖ ਮੰਤਰੀ) ਨੂੰ ਸਿੱਖਿਆ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ।
ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਜ਼ਰੂਰ ਦੱਸਣ ਕਿ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਦੇਣ ਨਾਲ ਧਰਮ ਨੂੰ ਕਿਹੜਾ ਖ਼ਤਰਾ ਖੜ੍ਹਾ ਹੋਵੇਗਾ। ਉਹਨਾ ਕਿਹਾ ਕਿ ਇਸ ਤਰ੍ਹਾਂ ਦੇ ਅਸਪੱਸ਼ਟ ਬਿਆਨਾਂ ਦੀ ਹਰ ਕਿਸੇ ਨੂੰ ਨਿਖੇਧੀ ਕਰਨੀ ਚਾਹੀਦੀ ਹੈ।
ਉਹਨਾ ਸਪੱਸ਼ਟ ਆਖਿਆ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਵਾਰ ਦੇ ਹੱਥਾਂ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ ਅਤੇ ਬਾਦਲਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਵਰਤੋਂ ਆਪਣੇ ਸਿਆਸੀ ਮਨਸੂਬਿਆਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੈ। ਬਾਦਲਾਂ ਨੇ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰ ਕੇ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਦੇ ਵੱਡੇ ਪ੍ਰਾਜੈਕਟ ਵਿੱਚ ਰੋਕਾਂ ਖੜ੍ਹੀਆਂ ਕੀਤੀਆਂ, ਜਦੋਂ ਕਿ ਇਸ ਕਾਲਜ ਨਾਲ ਇਸ ਖਿੱਤੇ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਇਨ੍ਹਾਂ ਦਾ ਲੋਕਾਂ ਦੀ ਭਲਾਈ ਨਾਲ ਕੋਈ ਵਾਸਤਾ ਨਹੀਂ, ਸਗੋਂ ਇਨ੍ਹਾਂ ਨੂੰ ਤਾਂ ਹਮੇਸ਼ਾ ਆਪਣੇ ਸਿਆਸੀ ਮੁਫ਼ਾਦ ਦੀ ਪਰਵਾਹ ਹੁੰਦੀ ਹੈ।
ਉਹਨਾ ਕਿਹਾ ਕਿ ਦਿੜ੍ਹਬਾ ਵਿੱਚ ਨੌਂ ਏਕੜ ਜ਼ਮੀਨ ਵਿੱਚ ਫੈਲੇ ਬਹੁਮੰਜ਼ਲਾ ਤਹਿਸੀਲ ਕੰਪਲੈਕਸ ਵਿੱਚ ਐੱਸ ਡੀ ਐੱਮ ਦਫ਼ਤਰ, ਡੀ ਐੱਸ ਪੀ ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ ਡੀ ਪੀ ਓ ਦਫ਼ਤਰ ਅਤੇ ਹੋਰ ਇਮਾਰਤਾਂ ਹੋਣਗੀਆਂ। ਉਨ੍ਹਾ ਦੱਸਿਆ ਕਿ ਇਹ ਕੰਪਲੈਕਸ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾਣਗੇ।
ਕਣਕ ਉਤੇ ਲਾਈ ਮੁੱਲ ਕਟੌਤੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸੂਬੇ ਦੇ ਅੰਨਦਾਤਾ ਦੀ ਅਣਥੱਕ ਮਿਹਨਤ ਤੋਂ ਬਗੈਰ ਕੇਂਦਰੀ ਪੂਲ ਭਰਨਾ ਸੰਭਵ ਨਹੀਂ। ਜਦੋਂ ਕੇਂਦਰੀ ਅਨਾਜ ਪੂਲ ਲਈ ਕੇਂਦਰ ਸਰਕਾਰ ਸਾਡੇ ਤੋਂ ਅਨਾਜ ਦੀ ਸਪਲਾਈ ਮੰਗੇਗੀ ਤਾਂ ਕਿਸਾਨਾਂ ਉਤੇ ਲਾਗੂ ਮੁੱਲ ਕਟੌਤੀ ਦਾ ਇਕ-ਇਕ ਰੁਪਿਆ ਕੇਂਦਰ ਸਰਕਾਰ ਤੋਂ ਵਿਆਜ ਸਮੇਤ ਵਸੂਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਾਨੂੰਨੀ ਹੱਕ ਤੋਂ ਵਾਂਝਾ ਰੱਖ ਕੇ ਪੰਜਾਬ ਨੂੰ ਬੇਲੋੜਾ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਕੇਂਦਰ ਸਰਕਾਰ ਕੋਲ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰ ਡੀ ਐੱਫ) ਦਾ 3 ਹਜ਼ਾਰ ਕਰੋੜ ਰੁਪਏ ਹਾਲੇ ਵੀ ਲੰਬਿਤ ਹੈ।
ਸੂਬਾ ਸਰਕਾਰ ਨੇ ਇਸ ਸੰਬੰਧੀ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਦਿੱਤੀ ਸੀ, ਪਰ ਫਿਰ ਵੀ ਕੇਂਦਰ ਸਰਕਾਰ ਜਾਣ-ਬੁੱਝ ਕੇ ਆਰ ਡੀ ਐੱਫ ਤੇ ਜੀ ਐੱਸ ਟੀ ਦਾ ਸੂਬੇ ਦਾ ਬਣਦਾ ਹਿੱਸਾ ਰੋਕੀ ਬੈਠੀ ਹੈ। ਅਜਿਹੇ ਫੈਸਲੇ ਕੇਂਦਰ ਤੇ ਸੂਬਿਆਂ ਦੇ ਅਧਿਕਾਰਾਂ ਉਤੇ ਮਾੜਾ ਅਸਰ ਪਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।