ਨਵੀਂ ਦਿੱਲੀ : ਸੁਪਰੀਮ ਕੋਰਟ ਵਿਚ ਵੀਰਵਾਰ ਲੋਕਹਿਤ ਪਟੀਸ਼ਨ ਦਾਇਰ ਕਰਕੇ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਕਿ ਨਵੀਂ ਸੰਸਦ ਦੀ ਇਮਾਰਤ ਦਾ ਉਦਘਾਟਨ 28 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤਾ ਜਾਵੇ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਲੋਕ ਸਭਾ ਸਕੱਤਰੇਤ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕਰ ਰਿਹਾ ਹੈ। ਵਕੀਲ ਜਯਾ ਸੁਕਿਨ ਵੱਲੋਂ ਦਾਇਰ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਲੋਕ ਸਭਾ ਸਕੱਤਰੇਤ ਵੱਲੋਂ 18 ਮਈ ਨੂੰ ਜਾਰੀ ਬਿਆਨ ਅਤੇ ਨਵੀਂ ਸੰਸਦ ਭਵਨ ਦੇ ਉਦਘਾਟਨ ਸੰਬੰਧੀ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਜਾਰੀ ਕੀਤੇ ਗਏ ਸੱਦੇ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਪਟੀਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਨਿਯੁਕਤ ਕਰਦਾ ਹੈ ਅਤੇ ਹੋਰ ਮੰਤਰੀਆਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਰਾਸ਼ਟਰਪਤੀ ਵੱਲੋਂ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਕੰਪਲੈਕਸ ਦਾ ਉਦਘਾਟਨ 28 ਮਈ ਨੂੰ ਕਰਨਗੇ। ਬਹੁਤੀਆਂ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਤੋਂ ਉਦਘਾਟਨ ਨਾ ਕਰਵਾਉਣ ’ਤੇ ਸਮਾਗਮ ਦੇ ਬਾਈਕਾਟ ਦਾ ਐਲਾਨ ਕੀਤਾ ਹੈ।