ਇੰਫਾਲ : ਕੇਂਦਰ ਅਤੇ ਮਨੀਪੁਰ ਸਰਕਾਰ ਨੇ ਸੂਬੇ ’ਚ ਜਾਤੀ ਟਕਰਾਅ ਦੌਰਾਨ ਮਾਰੇ ਲੋਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਦੰਗਿਆਂ ’ਚ ਮਾਰੇ ਵਿਅਕਤੀ ਦੇ ਪਰਵਾਰਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮੁਆਵਜ਼ੇ ਦੀ ਰਕਮ ’ਚ ਕੇਂਦਰ ਅਤੇ ਰਾਜ ਸਰਕਾਰਾਂ ਬਰਾਬਰ ਹਿੱਸਾ ਪਾਉਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਬੀਰੇਨ ਸਿੰਘ ਵਿਚਾਲੇ ਸੋਮਵਾਰ ਰਾਤ ਨੂੰ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਜ਼ਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਨੂੰ ਨੱਥ ਪਾਉਣ ਦਾ ਵੀ ਫੈਸਲਾ ਕੀਤਾ ਗਿਆ।




