ਅਕਾਲ ਤਖਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦਾ ਸੱਦਾ

0
156

ਅੰਮਿ੍ਰਤਸਰ (ਜਸਬੀਰ ਸਿੰਘ)
6 ਜੂਨ 1984 ਦੇ ਬਲਿਊ ਸਟਾਰ ਅਪ੍ਰੇਸ਼ਨ ਦੀ ਯਾਦ ਵਿਚ ਮੰਗਲਵਾਰ ਅਕਾਲ ਤਖਤ ਵਿਖੇ ਘੱਲੂਘਾਰਾ ਦਿਵਸ ਸਮਾਗਮ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਦੇ ਨਾਲ ਸਮਾਪਤ ਹੋ ਗਿਆ। ਦਲ ਖਾਲਸਾ ਵੱਲੋਂ ਦਿੱਤੇ ਅੰਮਿ੍ਰਤਸਰ ਬੰਦ ਦੇ ਸੱਦੇ ਤਹਿਤ ਸ਼ਹਿਰ ਵਿਚ ਕਾਰੋਬਾਰੀ ਤੇ ਵਪਾਰਕ ਅਦਾਰੇ ਬੰਦ ਰਹੇ।
ਸਵੇਰੇ ਅਕਾਲ ਤਖਤ ਵਿਖੇ ਆਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਜੂਨ 1984 ਵਿਚ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਮੇਤ ਹੋਰ ਗੁਰਧਾਮਾਂ ’ਤੇ ਫੌਜੀ ਹਮਲਾ ਕਰਕੇ ਦਿੱਤੇ ਜ਼ਖਮਾਂ ਦੇ ਨਿਸ਼ਾਨ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਉਨ੍ਹਾ ਸਮੁੱਚੀ ਸਿੱਖ ਕੌਮ ਨੂੰ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਸਮੂਹ ਸਿੱਖ ਜਥੇਬੰਦੀਆਂ ਨੂੰ ਕਿਹਾ ਕਿ ਇਕੱਠੇ ਹੋ ਕੇ ਪਿੰਡਾਂ ਵੱਲ ਪ੍ਰਚਾਰ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨ ਸਿੱਖ ਸ਼ਕਤੀ ਨੂੰ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੱਖਰਾ ਸੰਦੇਸ਼ ਵੀ ਜਾਰੀ ਕੀਤਾ ਗਿਆ। ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਗੁਰਦੁਆਰਾ ਥੜ੍ਹਾ ਸਾਹਿਬ ਨੇੜੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ। ਜਿਵੇਂ ਹੀ ਅਖੰਡ ਪਾਠ ਦਾ ਭੋਗ ਪਿਆ, ਦਲ ਖਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਹੋਰ ਨੌਜਵਾਨ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ।

LEAVE A REPLY

Please enter your comment!
Please enter your name here