ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸੰਬੰਧੀ ਫੈਸਲਾ ਮੰਗਲਵਾਰ ਇੱਥੇ ਪੰਜਾਬ ਸਿਵਲ ਸਕੱਤਰੇਤ-1 ’ਚ ਆਪਣੇ ਦਫਤਰ ਵਿਖੇ ਸੈਰ-ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਦੌਰਾਨ ਵਿਚਾਰ-ਵਟਾਂਦਰੇ ’ਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ’ਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ’ਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ’ਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ’ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ’ਚ ਤਬਦੀਲੀ ਲਿਆਂਦੀ ਜਾ ਸਕਦੀ ਹੈ।