ਡੇਰਾ ਬਾਬਾ ਨਾਨਕ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ। ਉਨ੍ਹਾ ਪਿੰਡਾਂ ਦੀਆਂ ਪੰਚਾਇਤਾਂ ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਬਾਰੇ ਗੱਲਬਾਤ ਕੀਤੀ। ਉਨ੍ਹਾ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਕਮਿਊਨਿਟੀ ਦੇ ਨੁਮਾਇੰਦਿਆਂ ਨਾਲ ਵੀ ਚਰਚਾ ਕੀਤੀ ਤੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਘੁਸਪੈਠ ਨੂੰ ਰੋਕਣ ਲਈ ਬੀ ਐੱਸ ਐੱਫ ਦਾ ਸਾਥ ਦੇਣ। ਉਨ੍ਹਾ ਆਬਾਦ ਕੈਂਪ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਬੀ ਐੱਸ ਐੱਫ ਵੱਲੋਂ ਲਗਾਏ ਗਏ ਸਟਾਲ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾ ਨਾਲ ਮੁੱਖ ਸਕੱਤਰ ਵੀ ਕੇ ਜੰਜੂਆ, ਡੀ ਜੀ ਪੀ ਗੌਰਵ ਯਾਦਵ, ਵਧੀਕ ਮੁੱਖ ਸਕੱਤਰ ਕੇ ਸ਼ਿਵ ਪ੍ਰਸਾਦ, ਏ ਡੀ ਸੀ ਪਰਮਬੀਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਹਾਜ਼ਰ ਸਨ। ਰਾਜਪਾਲ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਵੀ ਦੌਰਾ ਕੀਤਾ ਗਿਆ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰੋਂ ਦਰਸ਼ਨ ਕੀਤੇ ਅਤੇ ਪਠਾਨਕੋਟ ਤੇ ਗੁਰਦਾਸਪੁਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।