ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨਗਰ ਨਿਗਮ ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4000 ਰੁਪਏ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਹੈ ਅਤੇ ਸੈਨੇਟਰੀ ਇੰਸਪੈਕਟਰ ਨੇ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗੀ ਹੈ। ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਕੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਸੈਨੇਟਰੀ ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।




