ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਲ੍ਹੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਲਈ ਕਿਹਾ ਹੈ। ਚੀਮਾ ਅਤੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੰਗਲਵਾਰ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਆਗੂਆਂ ਵੱਲੋਂ ਇਸ ਸੰਬੰਧੀ ਹੋਰ ਮਾਮਲਿਆਂ ਦੀ ਸੌਂਪੀ ਗਈ ਸੂਚੀ ਬਾਰੇ ਵੀ ਸਮਾਜਕ ਨਿਆਂ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕਾਰਵਾਈ ਕਰਨ ਲਈ ਕਿਹਾ। ਉਨ੍ਹਾ ਕਿਹਾ ਕਿ ਜੋ ਮਾਮਲੇ ਅਦਾਲਤ ’ਚ ਹਨ, ਉਨ੍ਹਾਂ ਬਾਰੇ ਵਿਭਾਗ ਐਡਵੋਕੇਟ ਜਨਰਲ ਦੇ ਦਫਤਰ ਨਾਲ ਤਾਲਮੇਲ ਕਰਕੇ ਠੋਸ ਕਾਰਵਾਈ ਨੂੰ ਯਕੀਨੀ ਬਣਾਵੇ। ਜਾਲ੍ਹੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਹਾਸਲ ਕਰਨ ਦੀ ਪ੍ਰਥਾ ’ਤੇ ਮੁਕੰਮਲ ਰੋਕ ਲਾਉਣ ’ਤੇ ਜ਼ੋਰ ਦਿੰਦਿਆਂ ਚੀਮਾ ਨੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਕਿਹਾ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਕਿ ਰਾਖਵੇਂਕਰਨ ਦੇ ਦਾਅਵੇ ਨਾਲ ਸੰਬੰਧਤ ਦਸਤਾਵੇਜ਼ ਦੀ ਸੰਬੰਧਤ ਵਿਅਕਤੀ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾ ਵਿਭਾਗ ਨੂੰ ਜਾਤੀ ਆਧਾਰਤ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰਾਂ ਸੰਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ, ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਮੀਟਿੰਗ ਦੌਰਾਨ ‘ਰਾਖਵਾਂਕਰਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨੇ ਜਾਲ੍ਹੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਦੇ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਸੰਬੰਧੀ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, 26 ਕੇਸਾਂ ਦੀ ਸੁਣਵਾਈ ਕਰ ਕੇ ਅੱਗੇ ਪੜਤਾਲ ਕਮੇਟੀ ਨੂੰ ਭੇਜੇ ਗਏ, ਜਿਨ੍ਹਾਂ ਵਿੱਚੋਂ 23 ਮਾਮਲਿਆਂ ’ਚ ਜਾਤੀ ਸਰਟੀਫਿਕੇਟ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਬਾਕੀ ਰਹਿੰਦੇ 67 ਕੇਸਾਂ ਦੀ ਵੀ ਜਲਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਇੱਕ ਮਹੀਨੇ ’ਚ ਹੱਲ ਕਰ ਲਏ ਜਾਣਗੇ।





