ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਕਿਹਾ ਕਿ ਸੂਬਾ ਸਰਕਾਰ ਨੇ ਤਕਰੀਬਨ ਇਕ ਸਾਲ ਦੇ ਵਕਫ਼ੇ ’ਚ ਸੂਬੇ ਦੇ ਨੌਜਵਾਨਾਂ ਨੂੰ 29,684 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ।
ਸਥਾਨਕ ਸਰਕਾਰਾਂ ਵਿਭਾਗ ’ਚ 401 ਕਲਰਕਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 17 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਰਕਾਰੀ ਦਫ਼ਤਰਾਂ ’ਚ ਨਵੇਂ ਕੰਮ ਸੱਭਿਆਚਾਰ ਉਤੇ ਆਧਾਰਤ ਟੀਮ ਭਾਵਨਾ ਤੇ ਸਮਰਪਣ ਜ਼ਰੂਰ ਲਿਆਂਦਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਹਮੇਸ਼ਾ ਨਵੇਂ ਵਿਚਾਰਾਂ ਨਾਲ ਭਰਪੂਰ ਹੁੰਦੇ ਹਨ, ਜਿਨ੍ਹਾਂ ਨੂੰ ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਤੇਜ਼ ਰਫ਼ਤਾਰ ਨਾਲ ਸੂਬੇ ਵਿੱਚ ਲਾਗੂ ਕਰੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਅੱਗੇ ਆਉਣ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਦਫ਼ਤਰੀ ਕੰਮਕਾਜ ਵਿੱਚ ਅਨੁਸ਼ਾਸਨ ਲਿਆਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦਾ ਇਕੋ-ਇਕ ਮਕਸਦ ਸਮੁੱਚੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੀ ਸੇਵਾ ਕਰਨਾ ਹੈ। ਉਨ੍ਹਾ ਕਿਹਾ ਕਿ ਹਰੇਕ ਕਦਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਆਗੂ ਆਪਣਾ ਅਹੁਦਾ ਸੰਭਾਲਣ ਮਗਰੋਂ ਚਕਾਚੌਂਧ ਦੀ ਦੁਨੀਆ ’ਚ ਰਹਿੰਦੇ ਸਨ, ਪਰ ਉਨ੍ਹਾ ਪੰਜਾਬ ਤੇ ਪੰਜਾਬੀਆਂ ਅਤੇ ਸੂਬੇ ਦੀ ਸੇਵਾ ਕਰਨ ਲਈ ਇਹ ਚਕਾਚੌਂਧ ਛੱਡ ਦਿੱਤੀ ਹੈ।
ਉਹਨਾ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਦੇ ਦੌਰ ਨੂੰ ਜਾਨਣ ਵਾਲਾ ਕੋਈ ਵੀ ਵਿਅਕਤੀ ਦੱਸ ਸਕਦਾ ਹੈ ਕਿ ਕਿਵੇਂ ਉਨ੍ਹਾਂ ਦੇ ਹੱਥ ਪੰਜਾਬ ਤੇ ਪੰਜਾਬੀਆਂ ਤੇ ਖ਼ੂਨ ਨਾਲ ਲਿੱਬੜੇ ਹੋਏ ਹਨ।
ਇਨ੍ਹਾਂ ਪਾਰਟੀਆਂ ਦੇ ਪੰਜਾਬ ਤੇ ਪੰਜਾਬੀ ਵਿਰੋਧੀ ਰਿਕਾਰਡ ਕਾਰਨ ਸੂਬੇ ਨੂੰ ਹਮੇਸ਼ਾ ਨੁਕਸਾਨ ਝੱਲਣਾ ਪਿਆ ਅਤੇ ਤਰੱਕੀ ਤੇ ਖ਼ੁਸ਼ਹਾਲੀ ਨੂੰ ਸੱਟ ਵੱਜੀ।
ਜਦੋਂ ਵੀ ਇਹ ਪਾਰਟੀਆਂ ਸੱਤਾ ’ਚ ਆਈਆਂ ਤਾਂ ਇਨ੍ਹਾਂ ਇਕ-ਦੂਜੇ ਦੇ ਹਿੱਤਾਂ ਦੀ ਰੱਖਿਆ ਕੀਤੀ, ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ ਤਾਂ ਸੂਬੇ ਨੂੰ ਵਾਰੋ-ਵਾਰੀ ਲੁੱਟਣ ਦੇ ਇਨ੍ਹਾਂ ਦੇ ਕੋਝੇ ਮਨਸੂਬੇ ਨਾਕਾਮ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾ ਕਿਹਾ ਕਿ ਇਸ ਵੱਡ-ਆਕਾਰੀ ਟੀਚੇ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।





