ਪੰਜਾਬ ਭਰ ’ਚ ਧਰਮ ਸਥਾਨਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ

0
181

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ’ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਕ ਸਥਾਨਾਂ ’ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਵੱਲੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਉਦੇਸ਼ ਧਾਰਮਕ ਸੰਸਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਇਨ੍ਹਾਂ ’ਚ ਸੀ ਸੀ ਟੀ ਵੀ ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰਾਂ ਕੰਮ ਕਰ ਰਹੇ ਹਨ। ਡੀ ਜੀ ਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਸ਼ਨੀਵਾਰ ਅਤੇ ਐਤਵਾਰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ।
ਸਪੈਸ਼ਲ ਡੀ ਜੀ ਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਐੱਸ ਪੀਜ਼/ ਐੱਸ ਐੱਸ ਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਧਾਰਮਕ ਸਥਾਨਾਂ, ਜਿਨਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ। ਉਨ੍ਹਾ ਕਿਹਾ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ (ਜੀ ਓਜ਼) ਨੂੰ ਮਹੱਤਵਪੂਰਨ ਧਾਰਮਕ ਸਮੂਹਾਂ, ਜਿਵੇਂ ਕਿ ਸਤਿਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾ ਪੁਲਸ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਕ ਸਥਾਨਾਂ ’ਤੇ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਦੌਰਾਨ ਘੱਟੋ-ਘੱਟ 698 ਪੁਲਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਸ (ਆਈ ਜੀ ਐੱਸ ਪੀ) ਵੱਲੋਂ ਖੁਦ ਕੀਤੀ ਗਈ। ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ। ਉਨ੍ਹਾ ਸੀ ਸੀ ਟੀ ਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੰਮ ਕਰ ਰਹੇ ਹਨ ਜਾਂ ਨਹੀਂ। ਉਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਕ ਸਥਾਨਾਂ ਦੇ ਪ੍ਰਵੇਸ਼ ਦੁਆਰ ’ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ।
ਜ਼ਿਕਰਯੋਗ ਹੈ ਕਿ ਐੱਸ ਪੀਜ਼/ ਐੱਸ ਐੱਸ ਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਸਾਰੇ ਧਾਰਮਕ ਸਥਾਨਾਂ ਦੇ ਆਲੇ-ਦੁਆਲੇ ਪੁਲਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

LEAVE A REPLY

Please enter your comment!
Please enter your name here