ਅੰਮਿ੍ਰਤਸਰ : ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਪ੍ਰਸਾਰਨ ਬਾਰੇ ਵਿਧਾਨ ਸਭਾ ਵਿਚ ਮਤਾ ਪਾਸ ਹੋਣ ਤੋਂ ਪਹਿਲਾਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਨੂੰ ਕਿਹਾ ਕਿ ਉਹ ਸਿੱਖਾਂ ਦੀ ਸਰਵ-ਉੱਚ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲਿਆਂ ’ਚ ਦਖਲਅੰਦਾਜ਼ੀ ਨਾ ਕਰੇ। ਵੀਡੀਓ ਬਿਆਨ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਸਿੱਖ ਪੰਥ ’ਚ ਦੁਬਿਧਾ ਪੈਦਾ ਕਰ ਰਹੀ ਹੈ। ਗੁਰਬਾਣੀ ਪ੍ਰਸਾਰਨ ਦੇ ਮਾਮਲੇ ’ਚ ਦੋਵਾਂ ਧਿਰਾਂ ਨੂੰ ਮਿਲ-ਬੈਠ ਕੇ ਆਪਸੀ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਗੁਰਬਾਣੀ ਦੇ ਪ੍ਰਸਾਰਨ ਦਾ ਮਾਮਲਾ ਭਾਵੇਂ ਮਰਿਆਦਾ ਨਾਲ ਨਹੀਂ ਜੁੜਿਆ, ਪਰ ਇਸ ਦੇ ਪ੍ਰਸਾਰਨ ਤੋਂ ਬਾਅਦ ਇਹ ਮਰਿਆਦਾ ਨਾਲ ਜੁੜਿਆ ਹੋਇਆ ਹੈ। ਉਨ੍ਹਾ ਸ਼ੰਕਾ ਪ੍ਰਗਟਾਈ ਹੈ ਕਿ ਜੇ ਗੁਰਬਾਣੀ ਦੇ ਪ੍ਰਸਾਰਨ ਨੂੰ ਖੁੱਲ੍ਹਾ ਛੱਡ ਦਿੱਤਾ ਜਾਵੇਗਾ ਤਾਂ ਅਗਾਂਹ ਚੱਲ ਕੇ ਇਹ ਮਰਿਆਦਾ ਦਾ ਮਸਲਾ ਬਣੇਗਾ। ਉਨ੍ਹਾ ਨੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ ਕਿਹਾ ਕਿ ਇਸ ਮਾਮਲੇ ’ਚ ਮਤਾ ਲਿਆਉਣ ਅਤੇ ਪਾਸ ਕਰਨ ਲਈ ਕੋਈ ਕਾਹਲੀ ਨਾ ਕੀਤੀ ਜਾਵੇ। ਮਸਲੇ ਨੂੰ ਮਿਲ-ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਉਨ੍ਹਾ ਸ਼ੋ੍ਰਮਣੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਕੀਰਤਨ ਦੇ ਪ੍ਰਸਾਰਨ ਬਾਰੇ ਕੀਤੇ ਗਏ ਆਦੇਸ਼ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਸੰਬੰਧ ’ਚ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਅਕਾਲ ਤਖਤ ਨੂੰ ਸੌਂਪੀ ਜਾਵੇ। ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਲਈ ਕਿਹਾ ਗਿਆ ਸੀ।





