ਸਿੱਖ ਗੁਰਦੁਆਰਾ (ਸੋਧ) ਬਿੱਲ-2023 ਪਾਸ

0
175

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਮੰਗਲਵਾਰ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ।
ਸਦਨ ਵਿਚ ਬਿੱਲ ’ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ’ਤੇ ਇੱਕ ਵਿਸ਼ੇਸ਼ ਪਰਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ?
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਸ, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਉਹਨਾ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ, ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ, ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਉਹਨਾ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਨ ਦਾ ਕੋਈ ਜ਼ਿਕਰ ਨਹੀਂ ਹੈ।

LEAVE A REPLY

Please enter your comment!
Please enter your name here