ਸੰਗਰੂਰ (ਪ੍ਰਵੀਨ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀਆਂ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐੱਸ., ਪੀ.ਸੀ.ਐੱਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇਕ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।





