ਮਜ਼ਬੂਤ ਆਪੋਜ਼ੀਸ਼ਨ ਮੋਰਚੇ ਦੀ ਬਣਤਰ ’ਤੇ ਚਰਚਾ ਅੱਜ

0
178

ਪਟਨਾ : ਦੇਸ਼ ਦੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਨੇਤਾ ਲੋਕ ਸਭਾ ਚੋਣਾਂ ਵਿਚ ਕੇਂਦਰ ਵਿੱਚੋਂ ਭਾਜਪਾ ਨੂੰ ਲਾਂਭੇ ਕਰਨ ਅਤੇ ਸਰਕਾਰ ਵਿਰੁੱਧ ਮਜ਼ਬੂਤ ਵਿਰੋਧੀ ਧਿਰ ਬਣਾਉਣ ਦੇ ਉਦੇਸ਼ ਨਾਲ ਸ਼ੁੱਕਰਵਾਰ ਨੂੰ ਇੱਥੇ ਵਿਚਾਰ-ਵਟਾਂਦਰਾ ਕਰਨਗੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖਿਲਾਫ ਮਜ਼ਬੂਤ ਵਿਰੋਧੀ ਮੋਰਚਾ ਬਣਾਉਣ ਲਈ ਰਣਨੀਤੀ ਤਿਆਰ ਕਰਨਗੇ। ਸੂਤਰਾਂ ਮੁਤਾਬਕ ਵਿਰੋਧੀ ਮੋਰਚੇ ਦੀ ਅਗਵਾਈ ਵਰਗੇ ਸੁਆਲ ਨੂੰ ਪਾਸੇ ਰੱਖ ਕੇ ਗੱਲਬਾਤ ਦਾ ਮੁੱਖ ਕੇਂਦਰ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਹੋਵੇਗਾ। ਬੈਠਕ ’ਚ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਨੇਤਾ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਸ਼ਾਮਲ ਹੋ ਰਹੇ ਹਨ। ਬੈਠਕ ਦੀ ਮੇਜ਼ਬਾਨੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਕਰ ਰਹੇ ਹਨ। ਉੱਧਰ, ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਜੇ ਕਾਂਗਰਸ ਆਰਡੀਨੈਂਸ ਮਾਮਲੇ ’ਤੇ ਉਨ੍ਹਾਂ ਦਾ ਸਮਰਥਨ ਨਹੀਂ ਕਰਦੀ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀ ਪਾਰਟੀਆਂ ਦੀ ਬੈਠਕ ’ਚੋਂ ਵਾਕਆਊਟ ਕਰ ਸਕਦੇ ਹਨ। ਸੂਤਰਾਂ ਨੇ ਕਿਹਾਅਸੀਂ ਚਾਹੁੰਦੇ ਹਾਂ ਕਿ ਕਾਂਗਰਸ ਆਰਡੀਨੈਂਸ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰੇ। ਅਸੀਂ ਕਾਂਗਰਸ ਨੇਤਾਵਾਂ ਨਾਲ ਮੀਟਿੰਗ ਦੀ ਬੇਨਤੀ ਕੀਤੀ ਸੀ, ਪਰ ਉਹ ਮਿਲੇ ਨਹੀਂ। ਹੁਣ ਜੇ ਕਾਂਗਰਸ ਬੈਠਕ ਦੌਰਾਨ ਆਰਡੀਨੈਂਸ ਦੇ ਮੁੱਦੇ ’ਤੇ ਸਾਡਾ ਸਮਰਥਨ ਨਹੀਂ ਕਰਦੀ ਤਾਂ ਦਿੱਲੀ ਦੇ ਮੁੱਖ ਮੰਤਰੀ ਵਾਕਆਊਟ ਕਰ ਦੇਣਗੇ।

LEAVE A REPLY

Please enter your comment!
Please enter your name here