ਅੰਮਿ੍ਰਤਸਰ, (ਜਸਬੀਰ ਸਿੰਘ ਪੱਟੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵੀਰਵਾਰ ਤਾਜਪੋਸ਼ੀ ਸਮਾਗਮ ਸਮੇਂ ਜਿਥੇ ਵੱਖ-ਵੱਖ ਧਾਰਮਕ ਤੇ ਪੰਥਕ ਜਥੇਬੰਦੀਆਂ ਨੇ ਦਸਤਾਰਾਂ ਭੇਟ ਕਰਕੇ ਉਹਨਾ ਦੇ ਅਹੁਦੇ ਨੂੰ ਮਾਨਤਾ ਦਿੱਤੀ, ਉਥੇ ਰਵਾਇਤਾਂ ਅਨੁਸਾਰ ਜੈਕਾਰਿਆ ਤੇ ਨਾਅਰਿਆਂ ਦੀ ਗੂੰਜ ਵਿੱਚ ਅਹੁਦੇ ਦੀ ਸੇਵਾ ਸੰਭਾਲੀ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਤਖ਼ਤ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਤੇ ਬਾਬਾ ਜੱਸਾ ਸਿੰਘ, ਦਿੱਲੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ, ਪਰਮਜੀਤ ਸਿੰਘ ਸਰਨਾ ਸਮੇਤ ਵੱਖ-ਵੱਖ ਤਖ਼ਤਾਂ ਦੇ ਸਾਬਕਾ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਕ, ਸਮਾਜਕ ਤੇ ਪੰਥਕ ਸ਼ਖਸੀਅਤਾਂ ਨੇ ਦਸਤਾਰਾਂ ਤੇ ਸਿਰੋਪਾਓ ਭੇਟ ਕਰਕੇ ਮਾਨਤਾ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਯੁਕਤੀ ਸੰਬੰਧੀ 16 ਜੂਨ ਦੀ ਅੰਤਿ੍ਰੰਗ ਕਮੇਟੀ ਵੱਲੋਂ ਕੀਤਾ ਗਿਆ ਮਤਾ ਪੜ੍ਹਿਆ, ਜਿਸ ਦਾ ਹਾਜ਼ਰ ਖ਼ਾਲਸਾ ਪੰਥ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਇਸ ਮਗਰੋਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੱਚਖੰਡ ਹਰਿਮੰਦਰ ਸਾਹਿਬ ਵੱਲੋਂ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਾਂਅ ਦਾ ਐਲਾਨ ਕਰਦਿਆਂ ਪੰਥਕ ਜੈਕਾਰਿਆਂ ਤੇ ਨਾਅਰਿਆਂ ਦੀ ਗੂੰਜ ਵਿੱਚ ਮਾਨਤਾ ਦਿੱਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਧੜਿਆਂ ਵਿਚ ਵੰਡੇ ਪੰਥ ਨੂੰ ਇਕਜੁਟ ਕਰਨ ਲਈ ਯਤਨ ਕਰਨਗੇ। ਉਨ੍ਹਾ ਕਿਹਾ ਕਿ ਮਿਸਲਾਂ ਸਮੇਂ ਵੀ ਪੰਥ ਵੱਖ-ਵੱਖ ਧੜਿਆਂ ਵਿਚ ਹੋਣ ਦੇ ਬਾਵਜੂਦ ਪੰਥਕ ਮਾਮਲਿਆਂ ’ਤੇ ਇਕਜੁਟ ਰਹਿੰਦਾ ਸੀ, ਉਸੇ ਤਰ੍ਹਾਂ ਹੁਣ ਵੀ ਪੰਥਕ ਮਾਮਲਿਆਂ ’ਤੇ ਸਾਰਿਆਂ ਨੂੰ ਇਕੱਠਿਆਂ ਕੀਤਾ ਜਾਵੇਗਾ।





