ਲੁਧਿਆਣਾ ਤੇ ਜਲੰਧਰ ’ਚ ਈ-ਵਹੀਕਲ ਤੇ ਅੰਮਿ੍ਰਤਸਰ ’ਚ ਈ-ਆਟੋ ਸੇਵਾ ਸ਼ੁਰੂ ਕਰਾਂਗੇ : ਮੁੱਖ ਮੰਤਰੀ

0
185

ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮਿ੍ਰਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮਿ੍ਰਤਸਰ ਵਿੱਚ ਈ-ਆਟੋ ਸੇਵਾ ਸੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਉਹਨਾ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸੰਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ।
ਇਸ ਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮਿ੍ਰਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਲੋੜ ਦੇ ਅਧਾਰ ’ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਪ੍ਰਮੁੱਖ ਪ੍ਰਾਜੈਕਟ ’ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here