ਪਟਵਾਰੀ ਤੇ ਸਹਾਇਕ ਰਿਸ਼ਵਤ ਲੈਣ ਦੇ ਦੋਸ਼ ’ਚ ਗਿ੍ਰਫਤਾਰ

0
198

ਸ੍ਰੀ ਮੁਕਤਸਰ ਸਾਹਿਬ (ਸ਼ਮਿੰਦਰਪਾਲ, ਪੂਜਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ’ਚ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਦੋਹਾਂ ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਉਸ ਦੇ ਅਤੇ ਉਸ ਦੇ ਭਰਾ ਦੇ ਨਾਂ ਤਬਦੀਲ ਕਰਨ ਬਦਲੇ 18000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 18000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਖਿਲਾਫ ਥਾਣਾ ਵਿਜੀਲੈਂਸ ਬਠਿੰਡਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here