ਠੇਕਾ ਅਧਾਰਤ ਨਵੇਂ ਰੈਗੂਲਰ 12700 ਅਧਿਆਪਕਾਂ ਲਈ ਤੋਹਫਾ

0
211

ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਜ਼ ਅਤੇ ਹੋਰਨਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸੰਬੰਧੀ ਨੀਤੀ ਅਧੀਨ ਹੋਣਗੀਆਂ। ਉਨ੍ਹਾ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖਲੇ ਲਈ ਮੁੱਢਲੀਆਂ ਸਰਤਾਂ ਦੇ ਅਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖਾਹ ’ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ।
ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈ ਟੀ ਟੀ ਅਤੇ ਐੱਨ ਟੀ ਟੀ ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਇਸੇ ਤਰ੍ਹਾਂ ਬੀ ਏ / ਐੱਮ ਏ ਬੀ ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਉਹਨਾ ਕਿਹਾ ਕਿ ਆਈ ਈ ਵੀ ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ ਜੀ ਅੱੈਸ, ਈ ਆਈ ਈ ਅਤੇ ਐੱਸ ਟੀ ਆਰ ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਹਨਾ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ’ਤੇ ਸਿਰਫ ਗੱਲਾਂ ਤੋਂ ਸਿਵਾਏ ਕੁਝ ਨਹੀਂ ਕੀਤਾ।

LEAVE A REPLY

Please enter your comment!
Please enter your name here