ਸ੍ਰੀ ਆਨੰਦਪੁਰ ਸਾਹਿਬ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਕਿਹਾ ਕਿ ਉਹ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਵੱਖ-ਵੱਖ ਧਾਰਮਕ ਸਥਾਨਾਂ ‘ਤੇ ਨਤਮਸਤਕ ਹੋ ਰਹੇ ਹਨ |
ਅਗਨੀਪੱਥ ਸਕੀਮ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਟਿਕੈਤ ਨੇ ਕਿਹਾ ਕਿ ਨੌਜਵਾਨ ਇਸ ਸਕੀਮ ਦਾ ਵਿਰੋਧ ਕਰ ਰਹੇ ਹਨ, ਕਿਉਂਕਿ ਇਹ ਸਕੀਮ ਉਨ੍ਹਾਂ ਲਈ ਲਾਭਦਾਇਕ ਨਹੀਂ | 24 ਜੂਨ ਨੂੰ ਨੌਜਵਾਨਾਂ ਨਾਲ ਮਿਲ ਕੇ ਉਹ ਦੇਸ਼ ਪੱਧਰ ‘ਤੇ ਇਸ ਸਕੀਮ ਦਾ ਵਿਰੋਧ ਕਰਨਗੇ | ਟਿਕੈਤ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕੀਤਾ ਜਾਵੇ, ਕਿਉਂਕਿ ਸ਼ਾਂਤੀ ਦੇ ਨਾਲ ਹੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਟਿਕੈਤ ਨੇ ਭਾਰਤ ਦੀਆਂ ਤਿੰਨੋਂ ਫੌਜਾਂ ਦੇ ਮੁਖੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਅਗਨੀਪੱਥ ਸਿਆਸੀ ਫੈਸਲਾ ਹੈ, ਜਿਸ ਸੰਬੰਧੀ ਫੌਜ ਮੁਖੀਆਂ ਨੂੰ ਕੋਈ ਵੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ | ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ‘ਤੇ ਉਨ੍ਹਾ ਕਿਹਾ ਕਿ ਉਹ ਹਿਮਾਚਲ ਦੇ ਦੌਰੇ ‘ਤੇ ਜਾ ਰਹੇ ਹਨ, ਜਿੱਥੇ ਜਾ ਕੇ ਉਹ ਹਿਮਾਚਲ ਦੀ ਸਰਕਾਰ ਅਤੇ ਹਿਮਾਚਲ ਦੇ ਕਿਸਾਨਾਂ ਦੇ ਨਾਲ ਕਿਸਾਨੀ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨਗੇ | ਇਸ ਮੌਕੇ ਰਾਕੇਸ਼ ਟਿਕੈਤ ਨੂੰ ਤਖ਼ਤ ਕੇਸਗੜ੍ਹ ਸਾਹਿਬ ਦੇ ਸੂਚਨਾ ਦਫਤਰ ਵਿਖੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ) ਵੱਲੋਂ ਤਖ਼ਤ ਸਾਹਿਬ ਦੀ ਫੋਟੋ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ |