ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਤ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਖਤਰਨਾਕ ਅਪਰਾਧੀ ਮੁਖਤਾਰ ਅਨਸਾਰੀ ਦੇ ਆਰਾਮਪ੍ਰਸਤੀ ਠਹਿਰਾਅ ’ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰੇਗੀ ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾ ਕਿਹਾ ਕਿ ਕੈਪਟਨ ਅਤੇ ਰੰਧਾਵਾ ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਐਸ਼ਪ੍ਰਸਤੀ ਨਾਲ ਰਹਿਣ ਦੀ ਖੁੱਲ੍ਹ ਦਿੱਤੀ, ਜਿਸ ਕਾਰਨ ਉਹ ਬਿਹਤਰ ਢੰਗ ਨਾਲ ਜਾਣਦੇ ਹੋਣਗੇ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਇਸ ਤਰ੍ਹਾਂ ਬਰਬਾਦ ਕਿਉਂ ਹੋਣ ਦੇਵੇ, ਜਦਕਿ ਉਸ ਸਮੇਂ ਸੱਤਾ ’ਚ ਰਹਿਣ ਵਾਲਿਆਂ ਨੇ ਅਨਸਾਰੀ ਨਾਲ ਆਪਣੀ ਸਾਂਝ-ਭਿਆਲੀ ਪੁਗਾਈ ਸੀ। ਉਹਨਾ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਨਿਰਲੱਜਤਾ ਨਾਲ ਕੀਤੀ ਗਈ ਲੁੱਟ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਿਛਲੀਆਂ ਸਰਕਾਰਾਂ ਹੀ ਇਸ ਬਾਰੇ ਭਲੀਭਾਂਤ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਇਹ ਯਕੀਨੀ ਬਣਾਇਆ ਕਿ ਇਸ ਕੱਟੜ ਅਪਰਾਧੀ ਨੂੰ ਜੇਲ੍ਹ ਦੇ ਅੰਦਰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਰੋਪੜ ਜੇਲ੍ਹ ਵਿੱਚ ਬੰਦ ਇਸ ਅਪਰਾਧੀ ਦੇ ਹਿੱਤ ਮਹਿਫੂਜ਼ ਰੱਖਣ ਲਈ ਟੈਕਸ ਭਰਨ ਵਾਲਿਆਂ ਦੇ 55 ਲੱਖ ਰੁਪਏ ਖਰਚ ਕੀਤੇ ਸਨ। ਲੋਕਾਂ ਦੇ ਪੈਸੇ ਦੀ ਬੇਰਹਿਮੀ ਨਾਲ ਕੀਤੀ ਜਾਣ ਵਾਲੀ ਅਜਿਹੀ ਲੁੱਟ ਪੂਰੀ ਤਰ੍ਹਾਂ ਗੈਰਵਾਜਬ ਹੈ। ਉਨ੍ਹਾ ਕਿਹਾ ਕਿ ਆਮ ਲੋਕਾਂ ਦੇ ਪੈਸੇ ਦੀ ਸਰੇਆਮ ਲੁੱਟ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੈਪਟਨ ਅਤੇ ਰੰਧਾਵਾ ਨੂੰ ਇਹ ਪੈਸਾ ਆਪਣੀ ਜੇਬ ਵਿੱਚੋਂ ਭਰਨਾ ਪਵੇਗਾ, ਨਹੀਂ ਤਾਂ ਇਸ ਰਾਸ਼ੀ ਦੀ ਵਸੂਲੀ ਲਈ ਉਨ੍ਹਾਂ ਦੀਆਂ ਪੈਨਸ਼ਨਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਉਸ ਦੇ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈਮੁੱਖ ਮੰਤਰੀ ਮਾਨ ਪਹਿਲਾਂ ਮੈਨੂੰ ਨੋਟਿਸ ਭੇਜਣ, ਫਿਰ ਮੈਂ ਉਸ ਦਾ ਜਵਾਬ ਦਿਆਂਗਾ।





