ਚੰਡੀਗੜ੍ਹ : ਹਰਿਆਣਾ, ਪੰਜਾਬ ਤੇ ਚੰਡੀਗੜ੍ਹ ’ਚ ਵੀ ਮਾਨਸੂਨ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਵੀਰਵਾਰ ਹਰਿਆਣਾ ਅਤੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ’ਚ ਮੀਂਹ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਛੇ ਤੋਂ ਸੱਤ ਦਿਨਾਂ ਤੱਕ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਬਾਰਸ਼ ਹੋਵੇਗੀ। ਪੰਜਾਬ ’ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨੀਆਂ ਨੇ 7 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕਾ ਅਤੇ 8 ਤੋਂ 9 ਜੁਲਾਈ ਤੱਕ ਜ਼ਿਆਦਾਤਰ ਹਿੱਸਿਆਂ ’ਚ ਤੇਜ਼ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਦੂਜੇ ਪਾਸੇ ਗੁਜਰਾਤ ’ਚ 8 ਜੁਲਾਈ ਤੱਕ ਮੀਂਹ ਦਾ ਤੇਜ਼ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ’ਚ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਨਸੂਨ ਦੱਖਣੀ ਅਤੇ ਦੱਖਣ-ਪੂਰਬੀ ਹਰਿਆਣਾ (ਮਹੇਂਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ) ’ਚ ਸਰਗਰਮ ਰਹਿਣ ਦੀ ਸੰਭਾਵਨਾ ਹੈ।


