ਖਿਡਾਰੀਆਂ ਨੂੰ ਸਨਮਾਨ ਤੇ ਨੌਕਰੀਆਂ ਦੇਵਾਂਗੇ : ਮੀਤ ਹੇਅਰ

0
163

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਨੂੰ ਖੇਡਾਂ ’ਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਤੋਂ ਬਾਅਦ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਡ ਮਾਹਿਰਾਂ ਦੀ ਬਣਾਈ ਕਮੇਟੀ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਸਨ ਅਤੇ ਖਿਡਾਰੀਆਂ ਤੇ ਖੇਡਾਂ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੀ ਫੀਡਬੈਕ ਵੀ ਲਈ ਗਈ। ਮੀਤ ਹੇਅਰ ਨੇ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਿੰਡ/ਸ਼ਹਿਰ ਪੱਧਰ ਤੋਂ ਸੂਬਾ ਪੱਧਰ ਤੱਕ ਖੇਡ ਨਰਸਰੀਆਂ ਤੋਂ ਲੈ ਕੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਦੇ ਹਿਸਾਬ ਨਾਲ ਸਿੱਧੀਆਂ ਨੌਕਰੀਆਂ ਦਾ ਪ੍ਰਬੰਧ ਕਰਨਾ, ਖਿਡਾਰੀਆਂ ਦੀ ਡਾਈਟ, ਸਿਖਲਾਈ ਅਤੇ ਸੱਟਾਂ-ਫੇਟਾਂ ਤੋਂ ਉਭਾਰਨ ਲਈ ਵਿਸ਼ੇਸ਼ ਸੈਂਟਰ, ਕੋਚਾਂ ਦਾ ਮਾਣ-ਸਨਮਾਨ ਅਤੇ ਖੇਡਾਂ ਦੀ ਪ੍ਰਮੋਸ਼ਨ ਲਈ ਕੰਮ ਕਰਨ ਵਾਲੀਆਂ ਸ਼ਖਸੀਅਤਾਂ/ਸੰਸਥਾਵਾਂ ਦਾ ਸਨਮਾਨ ਖੇਡ ਨੀਤੀ ਦਾ ਅਹਿਮ ਹਿੱਸਾ ਹੋਵੇਗਾ। ਖੇਡ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਦੀ ਵਿੱਤੀ ਮਦਦ ਤੋਂ ਲੈ ਕੇ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ’ਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਖੇਡ ਮੁਕਾਬਲੇ ਇਨਾਮ ਰਾਸ਼ੀ ਵਾਲੀ ਸੂਚੀ ’ਚ ਨਹੀਂ ਸ਼ਾਮਲ ਸਨ, ਉਨ੍ਹਾਂ ਨੂੰ ਸ਼ਾਮਲ ਕਰਨਾ ਅਤੇ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਬਲਾਈਂਡ/ਡੈਫ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਵੀ ਨਗਦ ਰਾਸ਼ੀ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ।
ਮੀਤ ਹੇਅਰ ਨੇ ਦੱਸਿਆ ਕਿ ਕੋਚਾਂ ਦੀ ਭਰਤੀ ਅਤੇ ਖੇਡ ਵਿਭਾਗ ’ਚ ਵੱਖ-ਵੱਖ ਆਸਾਮੀਆਂ ਭਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਮੌਜੂਦਾ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ’ਚ ਖੇਡ ਗਰਾਊਂਡ ਨੂੰ ਬਣਾਉਣ ’ਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਪੀ ਆਨੰਦ ਕੁਮਾਰ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here