ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29936 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ। ਸਿਹਤ ਤੇ ਪਰਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ, ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਦੇ ਮੱਦੇਨਜ਼ਰ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਉੱਚੇ ਅਹੁਦਿਆਂ ’ਤੇ ਪਹੁੰਚਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਤੇ ਹਰਭਜਨ ਸਿੰਘ ਤੇ ਹੋਰ ਵੀ ਹਾਜ਼ਰ ਸਨ।




