ਨਵੀਂ ਦਿੱਲੀ : ਇਥੇ ਸ਼ੁੱਕਰਵਾਰ ਕਰਵਾਏ ਕੌਮੀ ਸਿੱਖ ਸਮਾਗਮ ਦੌਰਾਨ ਸਾਂਝੇ ਸਿਵਲ ਕੋਡ (ਯੂ ਸੀ ਸੀ) ਦੇ ਮਾਮਲੇ ‘ਤੇ ਸਰਕਾਰ ਨਾਲ ਗੱਲਬਾਤ ਕਰਨ ਲਈ 11 ਮੈਂਬਰੀ ਟੀਮ ਕਾਇਮ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿੱਖਾਂ ਦੇ ਅਧਿਕਾਰਾਂ ਤੇ ਰਵਾਇਤਾਂ ਨਾਲ ਛੇੜਖਾਨੀ ਨਾ ਹੋ ਸਕੇ | ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਯੂ ਸੀ ਸੀ ਦਾ ਖਰੜਾ ਜਾਰੀ ਨਹੀਂ ਕੀਤਾ, ਇਸ ਲਈ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕੀ ਯੂ ਸੀ ਸੀ ਦਾ ਸਮਰਥਨ ਕੀਤਾ ਜਾਵੇ ਜਾਂ ਵਿਰੋਧ | ਗੁਰਦੁਆਰਾ ਰਕਾਬਗੰਜ ‘ਚ ਹੋਏ ਸਮਾਗਮ ਤੋਂ ਬਾਅਦ ਕਾਲਕਾ ਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਯੂ ਸੀ ਸੀ ਸੰਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 11 ਮੈਂਬਰੀ ਕਮੇਟੀ ਬਣਾਈ ਗਈ ਹੈ | ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਿੱਖਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਧਾਰਮਕ ਰਵਾਇਤਾਂ ‘ਚ ਕੋਈ ਦਖਲਅੰਦਾਜ਼ੀ ਨਾ ਹੋਵੇ | ਸਮਾਗਮ ‘ਚ 13 ਰਾਜਾਂ ਦੇ ਸਾਬਕਾ ਜੱਜਾਂ ਅਤੇ ਨੌਕਰਸ਼ਾਹਾਂ ਸਮੇਤ ਸਿੱਖ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ |





