ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ’ਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸੂਬੇ ’ਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 81948-91948 ਅਤੇ ਈਮੇਲ 0. ਜਾਰੀ ਕੀਤਾ। ਜਾਰੀ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ’ਚ ਪੰਜਾਬ ਸਰਕਾਰ ਹੀ ਇੱਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ, ਕਿਉਂਕਿ ਲਗਭਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਭਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ’ਚ ਮੁਫਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ’ਤੇ ਪੈਂਦੇ ਪਿੰਡਾਂ ’ਚ ਪਹੁੰਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਕ ਵਿਕਾਸ ਦੀ ਲੀਹ ’ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ’ਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਹਨਾ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।




