ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਸੰਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸ ਅੱੈਸ ਪੀਜ਼ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ ਜੀ ਪੀ ਗੌਰਵ ਯਾਦਵ ਅਤੇ ਸੈਨਾ ਅਤੇ ਐੱਨ ਡੀ ਆਰ ਐੱਫ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਫੀਲਡ ਵਿੱਚ ਜ਼ਿਲ੍ਹਿਆਂ ਦਾ ਸਿਵਲ ਤੇ ਪੁਲਸ ਪ੍ਰਸ਼ਾਸਨ ਮੁਸਤੈਦੀ ਨਾਲ ਤਾਇਨਾਤ ਹੈ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਐੱਸ ਅੱੈਸ ਪੀ, ਐੱਸ ਡੀ ਐੱਮਜ਼, ਤਹਿਸੀਲਦਾਰ, ਬੀ ਡੀ ਪੀ ਓਜ਼, ਪਟਵਾਰੀ ਸਣੇ ਸੰਬੰਧਤ ਵਿਭਾਗਾਂ ਦੇ ਫੀਲਡ ਅਧਿਕਾਰੀ ਸ਼ਾਮਲ ਹਨ। ਉਨ੍ਹਾ ਕਿਹਾ ਕਿ ਫੀਲਡ ਅਧਿਕਾਰੀ ਲੋਕ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਿਠਾਉਦੇ ਹੋਏ ਨਿਰੰਤਰ ਰਾਬਤਾ ਬਣਾ ਕੇ ਰੱਖਣ। ਉਨ੍ਹੀ ਦੱਸਿਆ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਸੂਬੇ ਦੇ ਆਫ਼ਤ ਰਾਹਤ ਫੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1614.89 ਫੁੱਟ ਹੈ, ਜਦੋਂ ਕਿ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.63 ਫੁੱਟ ਹੈ, ਜਦੋਂ ਕਿ ਸਮਰੱਥਾ 1390 ਫੁੱਟ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1706.26 ਫੁੱਟ ਹੈ, ਜਦੋਂ ਕਿ ਸਮਰੱਥਾ 1731.99 ਫੁੱਟ ਹੈ।
ਵਰਮਾ ਨੇ ਕਿਹਾ ਕਿ ਮਨੁੱਖੀ ਜਾਨਾਂ ਸਭ ਤੋਂ ਕੀਮਤੀ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਪ੍ਰਮੁੱਖ ਤਰਜੀਹ ਹੈ। ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉਤੇ ਖਾਣ ਵਾਲੇ ਪੈਕੇਟ ਤਿਆਰ ਕਰਨ ਲਈ ਕਿਹਾ। ਇਸ ਕੰਮ ਲਈ ਧਾਰਮਕ ਤੇ ਸਮਾਜਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ। ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਵੇ। ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹੇ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ। ਪਸ਼ੂ ਪਾਲਣ ਵਿਭਾਗਾਂ ਨੂੰ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਗਾਊਂ ਇੰਤਜ਼ਾਮ ਕਰਨ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਪਣੇ ਨੁਮਾਇੰਦਿਆਂ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਦੀ ਮਦਦ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ। ਮੁੱਖ ਸਕੱਤਰ ਵੱਲੋਂ ਫੀਲਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਐੱਸ ਏ ਐੱਸ ਨਗਰ, ਪਟਿਆਲਾ, ਰੂਪਨਗਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ਉਤੇ ਸਥਿਤੀ ਗੰਭੀਰ ਹੈ, ਪਰ ਪ੍ਰਸ਼ਾਸਨ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਸਾਰੇ ਜ਼ਿਲ੍ਹਿਆਂ ਨੂੰ ਆਖਿਆ ਕਿ ਆਪਣੀ ਤਰਜੀਹਾਂ ਨਿਰਧਾਰਤ ਕਰਦੇ ਹੋਏ, ਜੋ ਮਦਦ ਲੋੜੀਂਦੀ ਹੈ, ਉਸ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐੱਨ ਡੀ ਆਰ ਅੱੈਫ ਦੇ ਕਮਾਡੈਂਟ ਨੇ ਦੱਸਿਆ ਕਿ ਪੰਜਾਬ ਵਿੱਚ 14 ਐੱਨ ਡੀ ਆਰ ਐੱਫ ਟੀਮਾਂ ਤਾਇਨਾਤ ਹਨ। ਰੂਪਨਗਰ ਜਿੱਥੇ ਹੁਣ ਚਾਰ ਟੀਮਾਂ ਤਾਇਨਾਤ ਸਨ, ਡਿਪਟੀ ਕਮਿਸ਼ਨਰ ਵੱਲੋਂ ਮੰਗ ਕੀਤੇ ਜਾਣ ਉਤੇ ਇਕ ਹੋਰ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ।





