ਅੰਮਿ੍ਰਤਸਰ : ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਨੂੰ ਸੋਮਵਾਰ ਇਥੇ ਅਦਾਲਤ ’ਚ ਪੇਸ਼ ਕੀਤਾ, ਜਿਸ ਨੇ ਪੁੱਛ-ਪੜਤਾਲ ਲਈ ਉਸ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਐਤਵਾਰ ਗਿ੍ਰਫਤਾਰ ਕੀਤਾ ਸੀ। ਉਸ ਖਿਲਾਫ ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਦੋਸ਼ ਹਨ। ਉਸ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੀ ਜੇ ਐੱਮ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ। ਉਧਰ, ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਨਵੀਂ ਦਿੱਲੀ ਵਿਚ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਵਾਂਗ ‘ਹੈੱਡਲਾਈਨ ਮੈਨੇਜਮੈਂਟ’ ’ਚ ਲੱਗੀ ਹੋਈ ਹੈ। ਉਨ੍ਹਾ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ’ਚ ਕਾਂਗਰਸ ਦੀ ਹਿੰਦੂ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਭਾਜਪਾ ਦੀ ਮਦਦ ਕਰਨਾ ਚਾਹੁੰਦੇ ਹਨ।





