ਤੁਰੰਤ ਗਿਰਦਾਵਰੀ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ

0
224

ਸੰਗਰੂਰ : ਕਿਸੇ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਚਿੱਟਾ-ਕੁੜਤਾ ਪਜਾਮਾ ਪਾਇਆ ਹੋਇਆ ਸੀ, ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤਿਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਦੇ ਪਾਣੀ ਵਿਚ ਉਤਰ ਗਏ। ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ, ਜਿੱਥੇ ਜੇ ਸੀ ਬੀ ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਤ ਇਲਾਕਿਆਂ ਵਿਚ ਜੁਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਉਹਨਾ ਕਿਹਾ ਕਿ ਉਨ੍ਹਾ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ ’ਤੇ ਗੇੜੇ ਨਹੀਂ ਲਾ ਰਹੇ, ਸਗੋਂ ਉਹ ਜ਼ਮੀਨੀ ਪੱਧਰ ’ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾ ਕਿਹਾ ਕਿ ਸਥਿਤੀ ਚਿੰਤਾਜਨਕ ਹੈ, ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ ’ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਹਨਾ ਕਿਹਾ ਕਿ ਉਹ ਨਿੱਜੀ ਤੌਰ ’ਤੇ ਸੂਬੇ ਦੇ ਹਰ ਕੋਨੇ ਤੋਂ ਮਿੰਟ-ਮਿੰਟ ਉਤੇ ਸਥਿਤੀ ਦਾ ਜਾਇਜਾ ਲੈ ਰਹੇ ਹਨ। ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ, ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਜੁਟੇ ਹੋਏ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਘੱਗਰ ’ਚ ਪਾੜ ਕਾਰਨ ਹਜ਼ਾਰਾਂ ਏਕੜ ਝੋਨੇ ਦੀ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ, ਜਦਕਿ ਮੂਨਕ ਅਤੇ ਖਨੌਰੀ ਸ਼ਹਿਰ ਵਿਚ ਵੀ ਪਾਣੀ ਦਾਖਲ ਹੋਣ ਦਾ ਖਤਰਾ ਵਧ ਗਿਆ ਹੈ। ਖਨੌਰੀ ’ਚੋਂ ਲੰਘਦੇ ਨੈਸ਼ਨਲ ਹਾਈਵੇ 52 ਉੱਪਰ ਪਾਣੀ ਆਉਣ ਕਾਰਨ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਹਾਈਵੇਅ ’ਤੇ ਦੋ ਟਰੱਕ ਪਾਣੀ ਕਾਰਨ ਉਲਟ ਗਏ, ਪਰ ਲੋਕਾਂ ਨੇ ਟਰੱਕ ਚਾਲਕਾਂ ਨੂੰ ਬਚਾਅ ਲਿਆ। ਮੂਨਕ ਦੇ ਦਰਜਨਾਂ ਪਿੰਡ ਘੱਗਰ ਦੀ ਲਪੇਟ ਵਿਚ ਹਨ। ਥਲ ਸੈਨਾ ਅਤੇ ਐੱਨ ਡੀ ਆਰ ਐੱਫ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਮਦਦ ਨਾਲ ਘੱਗਰ ਵਿਚ ਪਾੜ ਪੂਰ ਰਹੀਆਂ ਹਨ। ਸੰਗਰੂਰ ਤੋਂ ਖਨੌਰੀ, ਕੈਥਲ, ਦਿੱਲੀ, ਹਿਸਾਰ ਲਈ ਚੱਲਣ ਵਾਲੇ ਪੀ ਆਰ ਟੀ ਸੀ ਅਤੇ ਰੋਡਵੇਜ਼ ਦੇ ਰੂਟ ਬੰਦ ਕਰ ਦਿੱਤੇ ਗਏ ਹਨ।

LEAVE A REPLY

Please enter your comment!
Please enter your name here