ਫਰੀਦਕੋਟ (ਐਲਿਗਜੈਂਡਰ ਡਿਸੂਜਾ)-ਸਿਹਤ ਮੰਤਰੀ ਬਲਬੀਰ ਸਿੰਘ ਨੇ ਜਲੰਧਰ, ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੌਰੇ ਕਰਨ ਉਪਰੰਤ ਐਤਵਾਰ ਫਰੀਦਕੋਟ ਫੇਰੀ ਦੌਰਾਨ ਹੜ੍ਹਾਂ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜ਼ਮੀਨੀ ਪੱਧਰ ’ਤੇ ਜਾਣਕਾਰੀ ਇਕੱਤਰ ਕੀਤੀ। ਉਨ੍ਹਾ ਕਿਹਾ ਕਿ ਭਾਵੇਂ ਇਸ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਓਨਾ ਪ੍ਰਭਾਵ ਨਹੀਂ, ਜਿੰਨਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਹੈ। ਜਿੱਥੇ ਪਾਣੀ ਦਾ ਪੱਧਰ ਵਧ ਰਿਹਾ ਹੈ, ਫਿਰ ਵੀ ਅਗੇਤੇ ਪ੍ਰਬੰਧਾਂ ਸੰਬੰਧੀ ਉਹ ਫਰੀਦਕੋਟ ਪਹੁੰਚੇ ਹਨ। ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਤੇ ਪਰਵਾਰ ਭਲਾਈ, ਮੈਡੀਕਲ ਸਿੱਖਿਆ, ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਅਸ਼ੋਕ ਚੱਕਰ ਹਾਲ ਡੀ ਸੀ ਦਫਤਰ ਫਰੀਦਕੋਟ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਆਈ ਐੱਮ ਏ ਅਤੇ ਧਾਰਮਕ ਤੇ ਸਮਾਜਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਤ ਖੇਤਰਾਂ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਮੈਡੀਕਲ ਸੁਵਿਧਾਵਾਂ ਸੰਬੰਧੀ ਵੀ ਜਾਇਜ਼ਾ ਲਿਆ।




