ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਇੱਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।
ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ’ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸੋਧਿਤ ਅਨੁਮਾਨਾਂ ਅਨੁਸਾਰ ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਇਸ ਸੰਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।




