14.7 C
Jalandhar
Wednesday, December 11, 2024
spot_img

ਕੇਂਦਰ ਨੀਮ ਫੌਜੀਆਂ ਦੀਆਂ 10 ਹੋਰ ਕੰਪਨੀਆਂ ਦੇਣ ਲਈ ਰਾਜ਼ੀ

ਨਵੀਂ ਦਿੱਲੀ/ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਜ਼ੋਰ ਪਾਇਆ |
ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਵਿੱਚ ਬਹੁਮੁੱਲੇ ਕੁਦਰਤੀ ਸਰੋਤ-ਪਾਣੀ ਨੂੰ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ | ਉਨ੍ਹਾ ਕਿਹਾ ਕਿ ਇਸ ਨਾਲ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ | ਮੁੱਖ ਮੰਤਰੀ ਨੇ ਸੂਬੇ ਵਿੱਚ ਕਣਕ ਦਾ ਝਾੜ ਘੱਟ ਨਿਕਲਣ ਦੇ ਇਵਜ਼ ਵਿਚ ਕਿਸਾਨਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ | ਉਨ੍ਹਾ ਕਿਹਾ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਤਪਸ਼ ਵਧਣ ਕਰਕੇ ਪੰਜਾਬ ਵਿੱਚ ਕਣਕ ਦੇ ਦਾਣਿਆਂ ਨੂੰ ਨੁਕਸਾਨ ਪੁੱਜਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਘੱਟ ਝਾੜ ਲਈ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਇਸ ਭਰਪਾਈ ਕੀਤੀ ਜਾਵੇ | ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ‘ਚ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਕੇਂਦਰ ਸਰਕਾਰ ਨੂੰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ |
ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ ਬੀ ਐੱਮ ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਨਾਲ ਸੰਬੰਧਤ ਹੁਕਮ ਰੱਦ ਕਰਨ ਲਈ ਕਿਹਾ | ਉਨ੍ਹਾ ਕਿਹਾ ਕਿ ਇਹ ਪੱਖਪਾਤੀ ਕਦਮ ਹੈ, ਜਿਸ ਨੇ ਹਰ ਪੰਜਾਬੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ | ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਕਰਨ ਵਾਲੇ ਇਸ ਪਿਛਾਂਹਖਿੱਚੂ ਕਦਮ ਨੂੰ ਵਾਪਸ ਲੈਣਾ ਚਾਹੀਦਾ ਹੈ |
ਮੁੱਖ ਮੰਤਰੀ ਨੇ ਸ਼ਾਹ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਾਸਮਤੀ ਦੀ ਖਰੀਦ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਵੀ ਕਿਹਾ | ਉਨ੍ਹਾ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ, ਜਿਸ ਲਈ ਬਾਸਮਤੀ ਨੂੰ ਉਤਸ਼ਾਹਤ ਕਰਨਾ ਜ਼ਰੂਰੀ ਹੈ | ਉਹਨਾ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਾਣੀ ਦੇ ਰੂਪ ਵਿੱਚ ਕੀਮਤੀ ਸਰੋਤ ਨੂੰ ਬਚਾਉਣ ਵਿੱਚ ਮਦਦ ਮਿਲੇਗੀ | ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਨੀਮ ਫੌਜੀ ਬਲਾਂ ਦੀਆਂ 10 ਵਾਧੂ ਟੁਕੜੀਆਂ ਦੀ ਮੰਗ ਕੀਤੀ | ਇਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਸੂਬੇ ਵਿੱਚ ਨੀਮ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂ ਤੁਰੰਤ ਅਲਾਟ ਕੀਤੀਆਂ | ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਅਹਿਮ ਭੂਮਿਕਾ ਨਿਭਾਏਗਾ | ਮੁੱਖ ਮੰਤਰੀ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਵਧ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ‘ਤੇ ਵੀ ਡੂੰਘੀ ਫਿਕਰਮੰਦੀ ਜ਼ਾਹਰ ਕੀਤੀ ਅਤੇ ਅਮਿਤ ਸ਼ਾਹ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਨੂੰ ਤੁਰੰਤ ਐਂਟੀ ਡਰੋਨ ਤਕਨੀਕ ਮੁਹੱਈਆ ਕਰਵਾਉਣ ਲਈ ਕਿਹਾ | ਉਨ੍ਹਾ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ, ਜਿਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ |

Related Articles

LEAVE A REPLY

Please enter your comment!
Please enter your name here

Latest Articles