ਚੰਡੀਗੜ੍ਹ : ਮਨੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਰੋਸ ਪ੍ਰਦਰਸਨ ਕੀਤਾ। ਪ੍ਰਦਰਸ਼ਨ ’ਚ ‘ਆਪ’ ਸਰਕਾਰ ਦੇ ਮੰਤਰੀ, ਵਿਧਾਇਕਾਂ, ਪਾਰਟੀ ਵਰਕਰਾਂ ਸਮੇਤ ਪੰਜਾਬ ਦੇ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ’ਤੇ ਚੰਡੀਗੜ੍ਹ ਪੁਲਸ ਨੇ ਵਹਿਸ਼ੀ ਰਵੱਈਆ ਅਪਣਾਇਆ। ਪੁਲਸ ਨੇ ‘ਆਪ’ ਵਰਕਰਾਂ ਤੇ ਆਗੂਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਰਕਰ ਜ਼ਖਮੀ ਹੋ ਗਏ। ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਅਤੇ ਮਨੀਪੁਰ ਦੀ ਭਾਜਪਾ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਸ ਘਟਨਾ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ।
‘ਆਪ’ ਆਗੂਆਂ ਕਿਹਾ ਕਿ ਪੂਰੇ ਦੇਸ਼ ਨੇ ਮਨੀਪੁਰ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਦੇਖੀ ਹੈ। ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਇੱਥੇ ਹੰਗਾਮਾ ਚੱਲ ਰਿਹਾ ਹੈ। ਇੱਥੋਂ ਤੱਕ ਕਿ ਭਾਜਪਾ ਦੇ ਮੰਤਰੀਆਂ ਦੇ ਘਰਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਫਿਰ ਵੀ ਪ੍ਰਧਾਨ ਮੰਤਰੀ ਚੁੱਪ ਹਨ, ਉਨ੍ਹਾਂ ਨੂੰ ਇਸ ’ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਔਰਤਾਂ ਪ੍ਰਤੀ ਭਾਜਪਾ ਦੀ ਸੋਚ ਮਾੜੀ ਹੈ।
ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ‘ਬੇਟੀ ਪੜ੍ਹਾਓ, ਬੇਟੀ ਬਚਾਓ’ ਸਰਕਾਰ ’ਚ ਦੇਸ਼ ਦੀਆਂ ਧੀਆਂ ਨਾਲ ਜੋ ਜ਼ੁਲਮ ਕੀਤਾ ਜਾ ਰਿਹਾ ਹੈ, ਇਸ ਤੋਂ ਵੱਧ ਮੰਦਭਾਗਾ ਹੋਰ ਕਝ ਵੀ ਨਹੀਂ ਹੋ ਸਕਦਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਮਨੀਪੁਰ ਦੇ ਅਹਿਮ ਮੁੱਦੇ ’ਤੇ ਪੀ ਐੱਮ ਮੋਦੀ ਦੀ ਚੁੱਪ ਭਾਜਪਾ ਦੀ ਕਾਇਰਤਾ ਨੂੰ ਦਰਸਾਉਂਦੀ ਹੈ, ਪਰ ਆਮ ਆਦਮੀ ਪਾਰਟੀ ਮਨੀਪੁਰ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।





