ਚੰਡੀਗੜ੍ਹ, (ਗੁਰਜੀਤ ਬਿੱਲਾ)-ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ ਹਿੰਦੀ ਮਿਸਟ੍ਰੈੱਸ ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐੱਸ ਏ ਐੱਸ ਨਗਰ ਦਾ ਜਾਲ੍ਹੀ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਲ੍ਹੀ ਸਰਟੀਫਿਕੇਟ ਬਣਾਇਆ ਹੈ। ਇਸ ਅਧਾਰ ’ਤੇ ਉਸ ਨੇ ਬੀ ਐੱਸ ਸੀ (ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਰਨਰੀ ਸਾਇੰਸਜ਼ ਲੁਧਿਆਣਾ ਵਿਖੇ ਨੌਕਰੀ ਪ੍ਰਾਪਤ ਕੀਤੀ ਹੋਈ ਹੈ।
ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੇ ਸ਼ਿਕਾਇਤ ਕੀਤੀ ਸੀ ਕਿ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸੰਬੰੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।




