ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਆਪਣੇ ਟਵਿੱਟਰ ਰਾਹੀਂ ਲਿਖਿਆ-ਮਨੀਪੁਰ ਅਤੇ ਉੱਤਰ-ਪੂਰਬੀ ਖੇਤਰ ਦੀ ਮੌਜੂਦਾ ਸਥਿਤੀ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੱਤਾਧਾਰੀ ਭਾਜਪਾ ਸੰਸਦ ਦੇ ਕੰਮਕਾਜ ਵਿਚ ਰੁਕਾਵਟ ਪਾ ਰਹੀ ਹੈ ਅਤੇ ਜਵਾਬਦੇਹੀ ਤੋਂ ਬਚ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਲੋਕ ਸਭਾ ਵਿਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਬੇਵਿਸਾਹੀ ਮਤਾ ਲਿਆਂਦਾ ਹੈ।
ਆਪ ਦੇ ਸਾਥੀ ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਬਾਰੇ, ਰਾਘਵ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਡਰਨਗੇ ਨਹੀਂ ਅਤੇ ਸੰਸਦ ਕੰਪਲੈਕਸ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਵਧਦੀ ਲੋਕਪਿ੍ਰਅਤਾ ਕਾਰਨ ਵਿਰੋਧੀ ਧਿਰ ਨੂੰ ਦਬਾਉਣ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਵਿਵਾਦਗ੍ਰਸਤ ਦਿੱਲੀ ਆਰਡੀਨੈਂਸ ’ਤੇ ਚਰਚਾ ਕਰਦੇ ਹੋਏ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਅਤੇ ਭਾਰਤ ਦੀ ਨਿਆਂਪਾਲਿਕਾ ’ਤੇ ਹਮਲਾ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾ ਦਲੀਲ ਦਿੱਤੀ ਕਿ ਇਹ ਆਰਡੀਨੈਂਸ ਕਈ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਵਿੱਚ ਭਾਜਪਾ ਦੀ ਜਿੱਤ ਵਿੱਚ ਅਸਮਰੱਥਾ ਦਾ ਜਵਾਬ ਹੈ। ਉਨ੍ਹਾ ਹਾਸੇ-ਮਜ਼ਾਕ ਨਾਲ ਸੁਝਾਅ ਦਿੱਤਾ ਕਿ ਅਜਿਹੇ ਆਰਡੀਨੈਂਸਾਂ ਦੀ ਬਜਾਏ, ਭਾਜਪਾ ਨੂੰ ਆਪਣੇ ਰਾਜਨੀਤਕ ਬਦਹਜ਼ਮੀ ਦਾ ਇਲਾਜ ਕਰਨ ਲਈ ਡਾਕਟਰ ਦੀ ਲੋੜ ਹੈ।



