ਨੌਕਰੀ ਦੌਰਾਨ ਹਾਦਸੇ ’ਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਵਾਰਾਂ ਲਈ ਐੱਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ

0
296

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਨਰਿੰਦਰਜੀਤ ਸਿੰਘ)- ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ। ਇੱਥੇ ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਮੈਂ ਇੱਕ ਕਲਾਕਾਰ ਸੀ ਅਤੇ ਇਨ੍ਹਾਂ ਕੌਮੀ ਨਾਇਕਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਮੈਂ ਇੱਕ ਚੈਰਿਟੀ ਸ਼ੋਅ ਵੀ ਕਰਵਾਇਆ ਸੀ। ਇਹ ਚੈਰਿਟੀ ਸ਼ੋਅ ਪਟਿਆਲਾ ਵਿਖੇ ਕਰਵਾਇਆ ਗਿਆ ਸੀ, ਜਿਸ ਵਿੱਚ ਕਈ ਹੋਰ ਕਲਾਕਾਰਾਂ ਨੇ ਵੀ ਹਿੱਸਾ ਲਿਆ ਸੀ। ਫੌਜ ਦੇ ਬਹਾਦਰੀ ਭਰੇ ਕਾਰਨਾਮਿਆਂ ਪ੍ਰਤੀ ਧੰਨਵਾਦ ਪ੍ਰਗਟਾਉਂਦੇ ਹੋਏ ਇਸ ਸ਼ੋਅ ਦਾ ਇਕੱਠਾ ਹੋਇਆ ਸਾਰਾ ਪੈਸਾ ਫੌਜ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਤ ਭੂਮੀ ਦੀ ਰਾਖੀ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸਤਿਕਾਰ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦਾਂ ਦੇ ਪਰਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here