ਚੰਡੀਗੜ੍ਹ : ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ-ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀਰਵਾਰ ਆਦੇਸ਼ ਦਿੱਤੇ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾ ਕਿਹਾ ਕਿ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਖੁੱਡੀਆਂ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ।
ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ ’ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ’ਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕਿ੍ਰਊਲਟੀ ਟੂ ਐਨੀਮਲਜ਼ (ਐੱਸ ਪੀ ਸੀ ਏ) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।




